ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ’ਚ ਮਾੜੀ ਕਾਨੂੰਨ ਵਿਵਸਥਾ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ’ਚ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਕਰਨ ਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਅੰਮ੍ਰਿਤਸਰ ਦੇ ਖੇਤਰਾਂ ’ਚ ਹਥਿਆਰ ਤੇ ਹੋਰ ਧਮਾਕੇਦਾਰ ਸਮੱਗਰੀ ਮਿਲਣਾ ਚਿੰਤਾ ਦਾ ਵਿਸ਼ਾ ਹੈ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਪੰਜਾਬ ’ਚ ਕਤਲ ਦੀਆਂ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ। ਮੁਹਾਲੀ ’ਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਅਧਿਕਾਰੀਆਂ ਨਾਲ ਗੱਲ ਕਰਨ ਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇ।