ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਦਸੰਬਰ
ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 21 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਅੱਜ ਸਿੰਘਾਂ ਦਾ ਇੱਕ ਜਥਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਲਈ ਟਿਕਰੀ ਪੁੱਜਾ, ਜਿੱਥੇ ਮੰਚ ਤੋਂ ਸੰਬੋਧਨ ਕਰਦਿਆਂ ਭਾਈ ਸੁਰਿੰਦਰ ਸਿੰਘ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਪ ਅੰਦੋਲਨ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਪਰ ਕਿਸੇ ਕਾਰਨ ਉਹ ਨਹੀਂ ਆ ਸਕੇ, ਜਿਸ ’ਤੇ ਉਨ੍ਹਾਂ ਦੇ ਨਿਰਦੇਸ਼ਾਂ ਹੇਠ ਸਿੰਘਾਂ ਦਾ ਜਥਾ ਇੱਥੇ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਭਾਈ ਢੱਡਰੀਆਂ ਵਾਲੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ’ਚ ਸ਼ੁਰੂ ਤੋਂ ਹੀ ਆਵਾਜ਼ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਇਹ ਫ਼ੈਸਲਾ ਕੀਤਾ ਗਿਆ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ 21 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਰੋਜ਼ਾਨਾ ਹੀ ਦਿੱਲੀ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਬੱਸ ਸੇਵਾ ਸ਼ੁਰੂ ਕੀਤੀ ਹੋਈ ਹੈ ਅਤੇ ਇਲਾਕੇ ਨਾਲ ਸਬੰਧਤ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਟਿਕਰੀ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਾਮਲ ਹੋਏ ਸਿੰਘਾਂ ’ਚ ਕੁਲਦੀਪ ਸਿੰਘ, ਜਸਵੀਰ ਸਿੰਘ, ਧਰਮਿੰਦਰ ਸਿੰਘ, ਕੁਲਵੰਤ ਸਿੰਘ, ਵਿਪਨ ਕੁਮਾਰ ਮੌਜੂਦ ਸਨ।