ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਸਤੰਬਰ
ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਲੋੜੀਂਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੱਜ ਇਥੇ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਧਰਨਾ ਦਿੱਤਾ। ਧਰਨੇ ਵਿੱਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰੀ ਇਨਸਾਫ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ।
ਸਥਾਨਕ ਭੰਡਾਰੀ ਪੁਲ ’ਤੇ ਦਿੱਤੇ ਇਸ ਧਰਨੇ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਦੀ ਮੰਗ ਅਤੇ ਨਿਰਦੋਸ਼ਾਂ ਦੇ ਕਤਲ ਦੇ ਦੋਸ਼ ਹੇਠ ਉਸ ਨੂੰ ਅਤਿਵਾਦੀ ਐਲਾਨਣ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਇਸ ਮੰਗ ਸਬੰਧੀ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇ ਲਾਏ। ਜਥੇਬੰਦੀ ਦੀ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਝੂਠੇ ਪੁਲੀਸ ਮੁਕਾਬਲੇ ਕਾਂਗਰਸੀਆਂ, ਅਕਾਲੀਆਂ ਅਤੇ ਭਾਜਪਾਈਆਂ ਨੇ ਰਲ ਕੇ ਕਰਵਾਏ ਸਨ। ਜਥੇਬੰਦੀ ਇਸ ਮਾਮਲੇ ਵਿੱਚ ਇਨਸਾਫ਼ ਲਈ ਪਿਛਲੇ 25 ਸਾਲਾਂ ਤੋਂ ਜ਼ੁਲਮ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਨੇ ਬਾਦਲਾਂ ’ਤੇ ਹੋਰ ਵੀ ਕਈ ਗੰਭੀਰ ਦੋਸ਼ ਲਾਏ। ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਬਾਦਲ, ਕੈਪਟਨ, ਭੱਠਲ, ਸੈਣੀ, ਆਲਮ ਤੇ ਹੋਰ ਕਾਂਗਰਸੀਆਂ ਤੇ ਭਾਜਪਾਈਆਂ ਦੇ ਨਾਰਕੋ ਟੈਸਟ ਕਰਾਉਣ ਦੀ ਮੰਗ ਕੀਤੀ ਤਾਂ ਜੋ ਪੰਜਾਬ ਵਿੱਚ ਹੋਈ ਲੁੱਟ ਤੇ ਕੁੱਟਮਾਰ ਦਾ ਸੱਚ ਸਾਹਮਣੇ ਆ ਸਕੇ। ਉਨ੍ਹਾਂ ਮੰਗ ਕੀਤੀ ਕਿ ਯੂਏਪੀਏ ਕਾਨੂੰਨ ਤਹਿਤ ਨਿਰਦੋਸ਼ਾਂ ਦੇ ਕਤਲ ਲਈ ਸਾਬਕਾ ਡੀਜੀਪੀ ਨੂੰ ਅਤਿਵਾਦੀ ਐਲਾਨਿਆ ਜਾਵੇ। ਧਰਨੇ ਨੂੰ ਹਰਦਿਆਲ ਸਿੰਘ ਘਰਿਆਲਾ, ਕ੍ਰਿਪਾਲ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਵਿਚ ਕੀਤੇ ਝੂਠੇ ਪੁਲੀਸ ਮੁਕਾਬਲਿਆਂ ਦੀ ਜਾਂਚ ਦੀ ਮੰਗ ਵੀ ਕੀਤੀ। ਇਸ ਮੌਕੇ ਦਲਬੀਰ ਸਿੰਘ ਭੀਲੋਵਾਲ, ਸਤਵੰਤ ਸਿੰਘ ਮਾਣਕ, ਸਤਵਿੰਦਰ ਸਿੰਘ ਪਲਾਸੌਰ, ਗੁਰਜੀਤ ਸਿੰਘ ਤਰਸਿੱਕਾ, ਪ੍ਰਵੀਨ ਕੁਮਾਰ, ਕਾਬਲ ਸਿੰਘ ਤੇ ਹੋਰ ਹਾਜ਼ਰ ਸਨ।
ਦੱਸਣਯੋਗ ਹੈ ਕਿ ਬੀਤੇ ਦਿਨ ਦਲ ਖਾਲਸਾ ਵੱਲੋਂ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਸਬੰਧੀ ਪੋਸਟਰ ਜਾਰੀ ਕੀਤੇ ਗਏ ਹਨ ਅਤੇ ਗ੍ਰਿਫ਼ਤਾਰ ਕਰਨ ਤੇ ਕਰਾਉਣ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ।