ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਜੂਨ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪੰਜਾਬ ਦੀਆਂ ਗਿਆਰਾਂ ਸੌ ਛਿਆਸੀ ਪੇਂਡੂ ਡਿਸਪੈਂਸਰੀਆਂ ਵਿੱਚ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਸੇਵਾਵਾਂ ਨਿਭਾਅ ਰਹੇ ਰੂਰਲ ਫਾਰਮੇਸੀ ਅਫਸਰਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅੱਜ ਪੰਜਾਬ ਭਰ ਵਿੱਚ ਕਰੋਨਾ ਸਬੰਧੀ ਦਿੱਤੀਆਂ ਜਾ ਰਹੀਆਂ ਸਾਰੀਆਂ ਸੇਵਾਵਾਂ ਦਾ ਬਾਈਕਾਟ ਕਰਦਿਆਂ ਜ਼ਿਲ੍ਹਾ ਪਰਿਸ਼ਦ ਦਫ਼ਤਰਾਂ ਵਿੱਚ ਧਰਨੇ ਮਾਰ ਕੇ ਸਰਕਾਰ ਖਿਲਾਫ਼ ਮੁਜ਼ਾਹਰੇ ਕੀਤੇ। ਇਸ ਦੌਰਾਨ ਹੀ ਸਰਕਾਰ ਦਾੇ ਪੁਤਲੇ ਵੀ ਫੂਕੇ ਗਏ। ਇਸ ਸਬੰਧੀ ਪਟਿਆਲਾ ਵਿਖੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਖੇ ਜਾਰੀ ਧਰਨੇ ਦੌਰਾਨ ਮੀਤ ਪ੍ਰਧਾਨ ਸਵਰਤ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ, ਫਾਰਮਾਸਿਸਟ ਆਗੂ ਕਮਲ ਅਵਸਥਾ, ਗੁਰਸੇਵਕ ਸਿੰਘ, ਬਲਕਾਰ ਸਿੰਘ, ਜਗਦੀਪ ਸਿੰਘ, ਗੁਰਮੁਖ ਸਿੰਘ, ਰਮਨਦੀਪ ਕੌਰ, ਗੁਰਪ੍ਰੀਤ ਕੌਰ ਤੇ ਜੋਤੀ ਰਾਣੀ ਨੇ ਸ਼ਿਰਕਤ ਕੀਤੀ।