ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਜਰਮਨ ਕਲੋਨੀ ਸਥਿਤ ਗੁਰਦੁਆਰੇ ਵਿੱਚ ਸਿੱਖ ਧਿਰਾਂ ਵਿਚਕਾਰ ਵਾਪਰੀ ਕੁੱਟਮਾਰ ਦੀ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾਂ ਉੱਥੇ ਮੌਜੂਦ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਝਗੜੇ ਦਾ ਕਾਰਨ ਕੁਝ ਵੀ ਹੋਵੇ ਪਰ ਦੋਵੇ ਧਿਰਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਕੀਮਤ ’ਤੇ ਆਪਸ ਵਿੱਚ ਲੜਨਾ ਨਹੀਂ ਚਾਹੀਦਾ ਤੇ ਸਿੱਖ ਸਿਧਾਂਤਾਂ ਮੁਤਾਬਕ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਜਿੱਥੇ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ, ਉੱਥੇ ਹੀ ਸਿੱਖਾਂ ਕੌਮ ਦਾ ਅਕਸ ਵੀ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਥ ਦੀਆਂ ਸਿਰਮੌਰ ਜਥੇਬੰਦੀਆਂ ਅਤੇ ਸੰਸਥਾਵਾਂ ਵਿੱਚ ਸਿਧਾਂਤਕ ਤੌਰ ’ਤੇ ਭਾਰੀ ਗਿਰਾਵਟ ਆਉਣ ਕਾਰਨ ਇਹ ਘਟਨਾਵਾਂ ਵਾਪਰ ਰਹੀਆਂ ਹਨ।