ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਪੱਸ਼ਟ ਕੀਤਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਕਦੇ ਵੀ ਸੁਖਬੀਰ ਸਿੰਘ ਬਾਦਲ ਦੀ ਸ਼ਮੂਲੀਅਤ ਵਾਲੀ ਕਿਸੇ ਵੀ ਕਮੇਟੀ ਦੇ ਮੈਂਬਰ ਨਹੀਂ ਬਣਨਗੇ। ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਜਗਮੀਤ ਸਿੰਘ ਬਰਾੜ ਵੱਲੋਂ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਨਾਮ ਸ਼ਾਮਲ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜਿਸ ਕਮੇਟੀ ਵਿੱਚ ਪੰਥ ਵਿਰੋਧੀ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣ ਅਜਿਹੀ ਕਮੇਟੀ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਕਦੇ ਵੀ ਸ਼ਮੂਲੀਅਤ ਨਹੀਂ ਹੋ ਸਕਦੀ। ਪਾਰਟੀ ਦਾ ਕਹਿਣਾ ਹੈ ਕਿ ਇਸ ਕਮੇਟੀ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਕਿਸੇ ਦੀ ਵੀ ਕੋਈ ਗੱਲਬਾਤ ਨਹੀਂ ਹੋਈ।