ਪੱਤਰ ਪ੍ਰੇਰਕ
ਰੂਪਨਗਰ, 26 ਨਵੰਬਰ
ਕਾਂਗਰਸ ਦੇ ਸੀਨੀਅਰ ਆਗੂ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ-ਨਾਲ ਘੱਟੋ ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਏ ਅਤੇ ਕਿਸਾਨ ਅੰਦੋਲਨ ਵਿੱਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇੱਥੇ ਬੀਤੀ ਰਾਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਗਾਂਧੀਵਾਦੀ ਤੇ ਅਹਿੰਸਕ ਰਿਹਾ ਹੈ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਅੱਗੇ ਗੋਡੇ ਟੇਕਣੇ ਪਏ। ਜ਼ਿਕਰਯੋਗ ਹੈ ਕਿ ਦਿਗਵਿਜੈ ਸਿੰਘ ਰੂਪਨਗਰ ਵਿੱਚ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ ਸਿੰਘ ਦੀ ਰਿਹਾਇਸ਼ ’ਤੇ ਉਨ੍ਹਾਂ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫਰਕ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਉਨ੍ਹਾਂ ਦੀ ਮਾਤਾ ਰਾਜ ਰਾਣੀ ਦਾ ਦੇਹਾਂਤ ਹੋਣ ’ਤੇ ਦੁੱਖ ਸਾਂਝਾ ਕੀਤਾ। ਇਸ ਉਪਰੰਤ ਉਹ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋ ਗਏ।