ਪੱਤਰ ਪ੍ਰੇਰਕ
ਚੰਡੀਗੜ੍ਹ, 14 ਸਤੰਬਰ
ਪੰਜ ਸੂਬਿਆਂ ਦੀ ਸਾਂਝੀ ਕੌਂਸਲ ਆਫ ਡਿਪਲੋਮਾ ਇੰਜਨੀਅਰਜ਼ ਵੱਲੋਂ ਆਪਣੀਆਂ ਮੰਗਾਂ ਬਾਰੇ ਇੰਜਨੀਅਰਜ਼ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਜਾਣ ਵਾਲੇ ਗੁਪਤ ਐਕਸ਼ਨਾਂ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਅੱਜ ਇੱਥੇ ਵਫ਼ਦ ਦੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਤੀਜੇ ਦੌਰ ਦੀ ਮੀਟਿੰਗ ਮਗਰੋਂ ਇਹ ਫ਼ੈਸਲਾ ਕੀਤਾ ਗਿਆ ਹੈ।
ਕੌਂਸਲ ਦੇ ਚੇਅਰਮੈਨ ਮਨਜਿੰਦਰ ਸਿੰਘ ਮੱਤੇਨੰਗਲ, ਸਕੱਤਰ ਜਨਰਲ ਸੁਖਵਿੰਦਰ ਸਿੰਘ ਬਾਗੋਵਾਨੀ, ਸੀਨੀਅਰ ਮੀਤ ਪ੍ਰਧਾਨ ਦਿਲਪ੍ਰੀਤ ਸਿੰਘ ਲੋਹਟ, ਸਰਪ੍ਰਸਤ ਰਾਜਿੰਦਰ ਕੁਮਾਰ ਗੌੜ ਤੇ ਵਾਈਸ ਚੇਅਰਮੈਨ ਹਰਮਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਕੌਂਸਲ ਦੇ ਵਫ਼ਦ ਨੂੰ ਦੱਸਿਆ ਕਿ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਵਿੱਚ ਸੋਧ ਕਰਨ ਲਈ ਮੁੱਖ ਮੰਤਰੀ ਪੰਜਾਬ ਨਾਲ ਸਾਰੀ ਗੱਲਬਾਤ ਹੋ ਚੁੱਕੀ ਹੈ ਤੇ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਮੰਤਰੀ ਵੱਲੋਂ ਦਿੱਤੇ ਭਰੋਸੇ ਮਗਰੋਂ ਗੁਪਤ ਐਕਸ਼ਨ ਫ਼ਿਲਹਾਲ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਮੰਗਾਂ ਪੂਰੀਆਂ ਨਾ ਹੋਣ ’ਤੇ ਮੁੜ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।