ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਐਲਾਨੀ ਪਹਿਲੀ ਸੂਚੀ ਵਿਚੋਂ ਹਰਸਿਮਰਤ ਕੌਰ ਬਾਦਲ ਦਾ ਨਾਮ ਗ਼ਾਇਬ ਹੋਣ ਤੋਂ ਨਵੇਂ ਚਰਚੇ ਛਿੜ ਗਏ ਹਨ। ਬਠਿੰਡਾ ਸੰਸਦੀ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੇ ਆਪਣੀ ਚੋਣ ਮੁਹਿੰਮ ਪਹਿਲਾਂ ਹੀ ਆਰੰਭੀ ਹੋਈ ਹੈ ਅਤੇ ਉਨ੍ਹਾਂ ਦਾ ਨਾਂ ਹਮੇਸ਼ਾ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਆਉਂਦਾ ਰਿਹਾ ਹੈ। ਹੁਣ ਨਵੇਂ ਸਿਆਸੀ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਬੀਬੀ ਬਾਦਲ ਨੇ ਬਠਿੰਡਾ ਹਲਕੇ ਵਿਚ ਆਪਣੀ ਚੋਣ ਮੁਹਿੰਮ ਨੂੰ ਵਿਰਾਮ ਨਹੀਂ ਦਿੱਤਾ ਹੈ।
ਪਿਛਾਂਹ ਨਜ਼ਰ ਮਾਰੀਏ ਤਾਂ ਜਦੋਂ ਪਹਿਲੀ ਦਫ਼ਾ ਹਰਸਿਮਰਤ ਕੌਰ ਬਾਦਲ ਸਿਆਸਤ ਵਿਚ ਉੱਤਰੇ ਸਨ ਤਾਂ ਉਨ੍ਹਾਂ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 27 ਮਾਰਚ 2009 ਨੂੰ ਐਲਾਨ ਦਿੱਤਾ ਗਿਆ ਸੀ। ਜਦੋਂ ਉਨ੍ਹਾਂ ਨੂੰ ਦੂਸਰੀ ਵਾਰ 2014 ਵਿਚ ਉਮੀਦਵਾਰ ਬਣਾਇਆ ਗਿਆ ਤਾਂ ਉਦੋਂ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ 18 ਫਰਵਰੀ 2014 ਨੂੰ ਛੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ, ਉਸ ਵਿਚ ਹਰਸਿਮਰਤ ਕੌਰ ਬਾਦਲ ਦਾ ਨਾਮ ਸ਼ਾਮਲ ਸੀ। ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸੂਚੀ ਤੋਂ ਪਹਿਲਾਂ ਹੀ 5 ਫਰਵਰੀ 2014 ਨੂੰ ਇੱਕ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਪਾਰਟੀ ਦੀ ਬਠਿੰਡਾ ਤੋਂ ਉਮੀਦਵਾਰ ਐਲਾਨ ਦਿੱਤਾ ਸੀ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ 2019 ਲੋਕ ਸਭਾ ਚੋਣਾਂ ਲਈ ਸਾਰੇ ਉਮੀਦਵਾਰਾਂ ਦਾ ਐਲਾਨ ਇੱਕੋ ਸੂਚੀ ’ਚ 23 ਅਪਰੈਲ 2019 ਨੂੰ ਕਰ ਦਿੱਤਾ ਸੀ, ਉਸ ’ਚ ਬੀਬੀ ਬਾਦਲ ਦਾ ਨਾਮ ਵੀ ਸ਼ਾਮਲ ਸੀ।
ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੋ ਉਮੀਦਵਾਰਾਂ ਦੀ ਹੁਣ ਪਹਿਲੀ ਸੂਚੀ ਐਲਾਨੀ ਗਈ ਹੈ, ਉਸ ਵਿਚ ਫ਼ਿਰੋਜ਼ਪੁਰ ਹਲਕਾ ਵੀ ਪਹਿਲਾਂ ਸ਼ਾਮਲ ਕੀਤਾ ਗਿਆ ਸੀ ਪਰ ਮਗਰੋਂ ਫ਼ਿਰੋਜ਼ਪੁਰ ਦਾ ਐਲਾਨ ਰੋਕ ਦਿੱਤਾ ਗਿਆ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਤਰਫ਼ੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਪਰ ਸਿਆਸੀ ਗਲਿਆਰਿਆਂ ਵਿਚ ਇਹ ਚਰਚਾ ਜ਼ੋਰ ਫੜ ਗਈ ਹੈ ਕਿ ਹਰਸਿਮਰਤ ਕੌਰ ਬਾਦਲ ਐਤਕੀਂ ਫ਼ਿਰੋਜ਼ਪੁਰ ਜਾਂ ਖਡੂਰ ਸਾਹਿਬ ਤੋਂ ਵੀ ਚੋਣ ਲੜ ਸਕਦੇ ਹਨ।
ਚਰਚਾ ਤਾਂ ਇੱਥੋਂ ਤੱਕ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਠਿੰਡਾ ਤੋਂ ਚੋਣ ਲੜਾਈ ਜਾ ਸਕਦੀ ਹੈ ਪਰ ਇਸ ਦੀ ਪੁਸ਼ਟੀ ਨਹੀਂ ਹੋਈ। ਸਿਆਸੀ ਮੁਲਾਂਕਣ ਕਰੀਏ ਤਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਹਰਸਿਮਰਤ ਕੌਰ ਬਾਦਲ ਸਿਰਫ਼ 21,772 ਵੋਟਾਂ ਦੇ ਫ਼ਰਕ ਨਾਲ ਜਿੱਤੇ ਸਨ। ਹਾਲਾਂਕਿ ਉਸ ਚੋਣ ਵਿਚ ਅਕਾਲੀ ਭਾਜਪਾ ਗੱਠਜੋੜ ਤਰਫ਼ੋਂ ਚੋਣ ਲੜੀ ਗਈ ਸੀ। ਉਸ ਤੋਂ ਪਹਿਲਾਂ 2014 ਵਿਚ ਬੀਬੀ ਬਾਦਲ ਨੇ 19,395 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਸੀ।