ਜਸਵੰਤ ਜੱਸ
ਫ਼ਰੀਦਕੋਟ, 27 ਜਨਵਰੀ
ਬਹੁ-ਚਰਚਿਤ ਬੇਅਦਬੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 10 ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਪਹਿਲੀ ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ ਸਬੰਧੀ ਅਗਲੇ ਦਿਨ ਬਾਜਾਖਾਨਾ ਥਾਣੇ ਵਿੱਚ ਆਈਪੀਸੀ ਦੀ ਧਾਰਾ 380/295/414/451/120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪਹਿਲਾਂ ਇੱਕ ਚਲਾਨ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰੰਤੂ ਇਹ ਚਲਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 4 ਜਨਵਰੀ 2020 ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਨਵੀਂ ਜਾਂਚ ਟੀਮ ਬਣਾ ਕੇ ਬੇਅਦਬੀ ਕਾਂਡ ਦੀ ਕਾਨੂੰਨ ਮੁਤਾਬਿਕ ਨਿਰਪੱਖ ਪੜਤਾਲ ਕੀਤੀ ਜਾਵੇ ਜਿਸ ’ਤੇ ਪੰਜਾਬ ਸਰਕਾਰ ਨੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਜਾਂਚ ਟੀਮ ਦਾ ਗਠਨ ਕੀਤਾ ਸੀ। ਇਹ ਜਾਂਚ ਟੀਮ ਦੋ ਵਾਰ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਵੀ ਪੁੱਛ ਪੜਤਾਲ ਕਰ ਚੁੱਕੀ ਹੈ। ਇੱਕ ਸਾਲ ਲੰਬੀ ਚੱਲੀ ਪੜਤਾਲ ਤੋਂ ਬਾਅਦ ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੀ ਸਾਜ਼ਿਸ਼ ਡੇਰਾ ਸਿਰਸਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਰਚੀ ਗਈ ਸੀ ਅਤੇ ਇਸ ਸਾਜ਼ਿਸ਼ ਬਾਰੇ ਡੇਰਾ ਮੁਖੀ ਨੂੰ ਵੀ ਜਾਣਕਾਰੀ ਸੀ। ਜਾਂਚ ਟੀਮ ਨੇ ਇਸ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਪ੍ਰਦੀਪ ਕਲੇਰ, ਸੰਦੀਪ ਬਰੇਟਾ, ਹਰਸ਼ ਧੁਰੀ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਰਣਦੀਪ ਸਿੰਘ ਅਤੇ ਨਾਭਾ ਜੇਲ੍ਹ ਵਿੱਚ ਕਤਲ ਕੀਤੇ ਗਏ ਮਹਿੰਦਰਪਾਲ ਬਿੱਟੂ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।