ਜਸਵੰਤ ਜੱਸ
ਫ਼ਰੀਦਕੋਟ, 3 ਅਗਸਤ
ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਪਾੜ ਕੇ ਗਲੀਆਂ ਵਿੱਚ ਖਿੰਡਾਉਣ ਅਤੇ ਉਸ ਤੋਂ ਬਾਅਦ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਤਰਜਨੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ ਜਾਂਚ ਟੀਮ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਦੀ ਨਕਲ ਮੁਹੱਈਆ ਕਰਵਾ ਦਿੱਤੀ ਹੈ। ਜਾਂਚ ਟੀਮ ਨੇ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਡੇਰਾ ਪ੍ਰੇਮੀ ਸ਼ਕਤੀ ਸਿੰਘ, ਰਣਜੀਤ ਸਿੰਘ, ਸੁਖਜਿੰਦਰ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ, ਮਹਿੰਦਰਪਾਲ ਬਿੱਟੂ ਅਤੇ ਡੇਰੇ ਦੇ ਤਿੰਨ ਕੌਮੀ ਕਮੇਟੀ ਮੈਂਬਰਾਂ ਨੇ ਸਿੱਖ ਪ੍ਰਚਾਰਕਾਂ ਦੇ ਇੱਕ ਭਾਸ਼ਣ ਤੋਂ ਨਾਰਾਜ਼ ਹੋ ਕੇ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਜਾਂਚ ਟੀਮ ਨੇ ਚਲਾਨ ਵਿੱਚ ਦਾਅਵਾ ਕੀਤਾ ਹੈ ਕਿ ਡੇਰਾ ਪ੍ਰੇਮੀਆਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰ ਕੇ ਉਸ ਦੇ ਕਰੀਬ 115 ਪੰਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਗਲੀਆਂ ਵਿੱਚ, ਜਦੋਂ ਕਿ 100 ਪੱਤਰੇ ਪਿੰਡ ਹਰੀ ਨੌਂ ਵਿੱਚ ਖਿੰਡਾਉਣੇ ਸਨ ਪਰ ਇਹ ਕਾਰਵਾਈ ਸਫ਼ਲ ਨਹੀਂ ਹੋ ਸਕੀ। ਜਾਂਚ ਟੀਮ ਨੇ ਚਲਾਨ ਵਿੱਚ ਇਹ ਵੀ ਦਾਅਵਾ ਕੀਤਾ ਹੈ ਇੱਥੇ ਸਿੱਖਾਂ ਨੂੰ ਭੜਕਾਉਣ ਲਈ ਇਤਰਾਜ਼ਯੋਗ ਪੋਸਟਰ ਲਿਖੇ ਗਏ ਸਨ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 16 ਅਗਸਤ ਨੂੰ ਕਰੇਗੀ। ਇਸ ਮਾਮਲੇ ਵਿਚ ਅੱਜ ਸਾਰੇ ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਡੇਰਾ ਪ੍ਰੇਮੀ ਬਲਜੀਤ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਡੇਰਾ ਪ੍ਰੇਮੀਆਂ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਵਿੱਚ ਬੇਅਦਬੀ ਦੇ ਤਿੰਨ ਕੇਸ ਦਰਜ ਸਨ ਅਤੇ ਉਨ੍ਹਾਂ ਨੂੰ ਸਾਰੇ ਕੇਸਾਂ ਵਿੱਚ ਜ਼ਮਾਨਤ ਮਿਲ ਗਈ ਹੈ। ਐਡਵੋਕੇਟ ਵਿਨੋਦ ਕੁਮਾਰ ਮੌਂਗਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨੂੰ ਸਾਰੇ ਕੇਸਾਂ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਜਲਦ ਹੀ ਸਾਰੇ ਡੇਰਾ ਪ੍ਰੇਮੀ ਜੇਲ੍ਹ ਵਿੱਚੋਂ ਰਿਹਾਅ ਹੋ ਜਾਣਗੇ।
ਸਿਮਰਨਜੀਤ ਸਿੰਘ ਮਾਨ ਨੇ ਬਰਗਾੜੀ ’ਚ 8 ਨੂੰ ਪੰਥਕ ਇਕੱਠ ਸੱਦਿਆ
ਜੈਤੋ (ਸ਼ਗਨ ਕਟਾਰੀਆ): ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 8 ਅਗਸਤ ਨੂੰ ਪਿੰਡ ਬਰਗਾੜੀ ’ਚ ਵਿਆਪਕ ਪੰਥਕ ਇਕੱਠ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬੇਅਦਬੀ ਤੇ ਬਹਬਿਲ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦੇਣ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਲੰਘੀ ਪਹਿਲੀ ਜੁਲਾਈ ਤੋਂ ਪਾਰਟੀ ਵਰਕਰਾਂ ਵੱਲੋਂ ਬਰਗਾੜੀ ਤੋਂ ਰੋਜ਼ਾਨਾ ਗ੍ਰਿਫ਼ਤਾਰੀਆਂ ਦੇਣ ਦਾ ਸਿਲਸਿਲਾ ਚੱਲਦਾ ਰਹੇਗਾ। ਉਨ੍ਹਾਂ ਸਿੱਖਾਂ ਨੂੰ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥਕ ਇਕੱਠ ਵਿਚ ਨਿਆਂ ਲੈਣ ਲਈ ਸੰਗਤ ਨਾਲ ਵਿਚਾਰਾਂ ਕਰਕੇ ਨਵੇਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨ ਨੇ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਡੇਰਾ ਮੁਖੀ ਨੂੰ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਨੰਬਰ 128 ਵਿਚੋਂ ਕੱਢਿਆ ਗਿਆ ਹੈ। ਉਨ੍ਹਾਂ ਸਾਬਕਾ ਆਈ.ਜੀ. ਰਣਬੀਰ ਸਿੰਘ ਖਟੜਾ ਦੇ ਬਿਆਨ ’ਤੇ ਕਿੰਤੂ ਕਰਦਿਆਂ ਕਿਹਾ ਕਿ ਅਜਿਹਾ ਬਾਦਲਾਂ ਨੂੰ ਬਚਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਬਹਬਿਲ ਤੇ ਕੋਟਕਪੂਰਾ ਵਿਚ ਪੁਲੀਸ ਵੱਲੋਂ ਕੀਤੀ ਗੋਲੀਬਾਰੀ ਲਈ ਬਾਦਲਾਂ ਅਤੇ ਸੁਮੇਧ ਸੈਣੀ ਨੂੰ ਜ਼ਿੰਮੇਵਾਰ ਦੱਸਿਆ।