ਜਸਵੰਤ ਜੱਸ
ਫ਼ਰੀਦਕੋਟ, 2 ਜੁਲਾਈ
ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋਣ, ਇਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਨੇ ਮੁਕੰਮਲ ਕਰ ਲਈ ਹੈ। ਵਿਸ਼ੇਸ਼ ਜਾਂਚ ਟੀਮ ਨੇ ਇਹ ਰਿਪੋਰਟ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਹੈ। ਜਾਂਚ ਟੀਮ ਨੇ 465 ਪੰਨਿਆਂ ਦੀ ਰਿਪੋਰਟ ਵਿੱਚ ਸਪੱਸ਼ਟ ਕੀਤਾ ਹੈ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਲਾਬਤਪੁਰਾ ਵਿੱਚ ਸਵਾਂਗ ਰਚਾਉਣ ਮਗਰੋਂ ਸਿੱਖ ਸੰਗਤ ਅਤੇ ਡੇਰਾ ਪ੍ਰੇਮੀਆਂ ਦਰਮਿਆਨ ਪੈਦਾ ਹੋਏ ਧਾਰਮਿਕ ਟਕਰਾਅ ਕਾਰਨ ਫਰੀਦਕੋਟ ਜ਼ਿਲ੍ਹੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਵਾਪਰੀਆਂ। ਰਿਪੋਰਟ ਡਾਇਰੈਕਟਰ ਨੂੰ ਸੌਂਪਦਿਆਂ ਜਾਂਚ ਟੀਮ ਦੇ ਮੈਂਬਰਾਂ ਨੇ ਕਿਹਾ ਕਿ ਇਹ ਜਾਂਚ ਪੂਰੀ ਤਰ੍ਹਾਂ ਮੁਕੰਮਲ ਹੋ ਗਈ ਹੈ ਅਤੇ ਬੇਅਦਬੀ ਨਾਲ ਜੁੜੇ ਤਿੰਨਾਂ ਮਾਮਲਿਆਂ ਵਿੱਚ ਹੁਣ ਤੱਕ 12 ਵਿਅਕਤੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੀ ਸ਼ਾਮਲ ਹਨ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਆਈਜੀ ਐੱਸਪੀਐੱਸ ਪਰਮਾਰ ਨੇ ਬੇਅਦਬੀ ਕਾਂਡ ਦੀ ਜਾਂਚ ਮੁਕੰਮਲ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਦੀ ਰਿਪੋਰਟ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਹੈ ਅਤੇ ਇਹ ਮਾਮਲੇ ਹੁਣ ਫਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹਨ।