ਸੱਤਪਾਲ ਰਾਮਗੜ੍ਹੀਆ
ਪਿਹੋਵਾ, 27 ਸਤੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚਐੱਸਜੀਪੀਸੀ) ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਖਿਆ ਕਿ ਰੋਜ਼ਾਨਾ ਵਧ ਰਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ’ਤੇ ਹੁਣ ਸਿੱਖ ਜਥੇਬੰਦੀਆਂ ਚੁੱਪ ਨਹੀਂ ਰਹਿਣਗੀਆਂ। ਧਾਰਮਿਕ ਮਾਮਲਿਆਂ ਵਿੱਚ ਸਿਆਸੀ ਦਖ਼ਲਅੰਦਜ਼ੀ ਕਾਰਨ ਅਜਿਹੀ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜੇਕਰ ਸਮੇਂ ਰਹਿੰਦੇ ਰਾਜਨੀਤੀ ਨੇ ਧਰਮ ਵਿੱਚ ਦਖ਼ਲ ਬੰਦ ਨਹੀਂ ਕੀਤਾ ਤਾਂ ਸਥਿਤੀ ਗੰਭੀਰ ਬਣ ਸਕਦੀ ਹੈ।
ਜਥੇਦਾਰ ਦਾਦੂਵਾਲ ਅੱਜ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਸਵਾਗਤ ਸਮਾਗਮ ਦੌਰਾਨ ਕਿਹਾ ਕਿ ਪਿਛਲੀ ਕਮੇਟੀ ਨੇ ਸਿਰਫ਼ ਅਹੁਦੇ ਭਰਨ ਦਾ ਕੰਮ ਕੀਤਾ ਸੀ ਜਦਕਿ ਜ਼ਮੀਨੀ ਪੱਧਰ ’ਤੇ ਗੁਰੂ ਘਰਾਂ ਨੂੰ ਚਲਾਉਣ ਲਈ ਕੋਈ ਕੰਮ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਇੱਕ ਸਾਲ ਦੇ ਅੰਦਰ ਸਾਰੇ ਗੁਰਦੁਆਰਿਆਂ ਅੰਦਰ ਜ਼ਿਆਦਾ ਤੋਂ ਜ਼ਿਆਦਾ ਸੇਵਾਵਾਂ ਨੂੰ ਪੂਰਾ ਕੀਤਾ ਜਾਵੇ। ਇਸ ਤਹਿਤ ਕਮੇਟੀ ਦੇ ਅਧੀਨ ਆਉਣ ਵਾਲੇ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਅਤੇ ਵਾਈ-ਫਾਈ ਲਾਏ ਜਾਣਗੇ, ਜਿਸ ਨਾਲ ਬੇਅਦਬੀ ਜਿਹੀ ਘਟਨਾਵਾਂ ’ਤੇ ਰੋਕ ਲਾਈ ਜਾ ਸਕੇਗੀ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣਾ ਇੱਕ ਵੱਡੀ ਲਾਪ੍ਰਵਾਹੀ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਅਤੇ ਇਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਐੱਸਜੀਪੀਸੀ ਪ੍ਰਧਾਨ ਦੇ ਘਰ ਦੇ ਬਾਹਰ ਧਰਨਾ ਲਾ ਕੇ ਜਵਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਉਨ੍ਹਾਂ ’ਤੇ ਪੰਜਾਬ ਤੋਂ ਹਰਿਆਣੇ ਵਿੱਚ ਆ ਕੇ ਸਿਆਸਤ ਕਰਨ ਦਾ ਦੋਸ਼ ਲਾਉਂਦੇ ਹਨ, ਉਹ ਇਸ ਗੱਲੋਂ ਅਣਜਾਣ ਹਨ ਕਿ ਉਨ੍ਹਾਂ ਦੀ ਕਰਮ ਭੂਮੀ ਸਿਰਸਾ ਹੈ ਅਤੇ ਉਹ ਦੋ ਦਹਾਕਿਆਂ ਤੋਂ ਸਿਰਸਾ ਵਿੱਚ ਸੇਵਾ ਕਰ ਰਹੇ ਹਨ ਤੇ ਅੱਗੇ ਵੀ ਇਥੇ ਹੀ ਸੇਵਾ ਨਿਭਾਉਂਦੇ ਰਹਿਣਗੇ।
ਇਸ ਮੌਕੇ ਕੁਲਵੰਤ ਸਿੰਘ, ਸੁਖਦੇਵ ਸਿੰਘ ਵਿਰਕ, ਸ਼ੇਰ ਸਿੰਘ, ਗਿਆਨੀ ਤੇਜ਼ਪਾਲ ਸਿੰਘ, ਗਿਆਨੀ ਵਰਿਆਮ ਸਿੰਘ, ਪ੍ਰੀਤਮ ਸਿੰਘ ਮੱਲੀ, ਡਾ. ਜਸਵਿੰਦਰ ਸਿੰਘ, ਹਰਦੇਵ ਸਿੰਘ ਰਾਖੜਾ, ਕ੍ਰਿਪਾਲ ਸਿੰਘ ਬੇਦੀ ਆਦਿ ਮੌਜੂਦ ਸਨ।