ਸੁਰਜੀਤ ਮਜਾਰੀ
ਬੰਗਾ, 12 ਮਾਰਚ
ਡਿਵੀਜ਼ਨਲ ਕਮਿਸ਼ਨਰ, ਰੂਪਨਗਰ ਮੰਡਲ ਮਨਵੇਸ਼ ਸਿੰਘ ਸਿੱਧੂ ਨੇ ਅੱਜ ਖਟਕੜ ਕਲਾਂ ਵਿੱਚ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਨੋਨੀਤ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਸਹੁੰ ਚੁਕਾਉਣਗੇ।
ਮਨਵੇਸ਼ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐੱਸਐੱਸਪੀ ਕੰਵਰਦੀਪ ਕੌਰ ਸਣੇ ਖਟਕੜ ਕਲਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਖ਼ਾਸ ਪ੍ਰੋਟੋਕੋਲ ਨਾਲ ਜੁੜਿਆ ਹੋਣ ਕਾਰਨ, ਇਸ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਢਿੱਲ ਨਾ ਵਰਤੀ ਜਾਵੇ।