* ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ: ਮਾਨ
ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਇਕ ਦਿਨ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਰ ਸ਼ਾਮ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦ ਵਾਧੇ ਦਾ ਐਲਾਨ ਕੀਤਾ ਹੈ। ਇਸ ਐਲਾਨ ਮਗਰੋਂ ਮਹਿੰਗਾਈ ਭੱਤਾ 38 ਫ਼ੀਸਦ ਤੋਂ ਵਧ ਕੇ 42 ਫ਼ੀਸਦ ਹੋ ਗਿਆ ਹੈ। ਇਸ ਨਾਲ ਸੂਬਾ ਸਰਕਾਰ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ, ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲਾਭ ਮਿਲੇਗਾ। ਮਾਨ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੇ ਡੀਏ ਵਿੱਚ ਇਹ ਵਾਧਾ ਪਹਿਲੀ ਨਵੰਬਰ 2024 ਤੋਂ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੀਵਾਲੀ ਦੇ ਮੱਦੇਨਜ਼ਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵੀ ਕੁੱਝ ਪਹਿਲਾਂ ਹੀ ਦੇ ਦਿੱਤੀ ਸੀ।
ਮੁੱਖ ਮੰਤਰੀ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆਂ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਜਗਮਗ ਨਾਲ ਨਾ ਸਿਰਫ਼ ਹਰ ਘਰ ਰੌਸ਼ਨ ਹੁੰਦਾ ਹੈ, ਸਗੋਂ ਇਹ ਹਨੇਰੇ ’ਤੇ ਚਾਨਣ ਦੀ ਜਿੱਤ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਆਸ ਦੀ ਜਿੱਤ ਦਾ ਪ੍ਰਤੀਕ ਵੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ ਅਤੇ ਨਾਲ ਹੀ ਭਾਈਚਾਰਕ ਸਾਂਝ, ਅਮਨ ਅਤੇ ਫਿਰਕੂ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਸਮੁੱਚੇ ਦੇਸ਼ ਵਾਸੀਆਂ, ਖ਼ਾਸ ਕਰ ਕੇ ਸਿੱਖ ਪੰਥ ਨੂੰ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਵਿਤਕਰੇ ਤੋਂ ਉਪਰ ਉੱਠ ਕੇ ਰਵਾਇਤੀ ਧੂਮ-ਧਾਮ ਨਾਲ ਮਨਾਉਣ ਦੀ ਅਪੀਲ ਵੀ ਕੀਤੀ।