ਫ਼ਤਹਿਗੜ੍ਹ ਸਾਹਿਬ: ਦੋਰਾਹਾ ਰੇਲਵੇ ਓਵਰਬ੍ਰਿਜ ’ਤੇ ਤੁਰੰਤ ਕੰਮ ਸ਼ੁਰੂ ਕਰਨ ਦੀ ਲੋੜ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਮੈਬਰ ਡਾ. ਅਮਰ ਸਿੰਘ ਨੇ ਨਵੀਂ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ 70 ਕਰੋੜ ਰੁਪਏ ਨਾਲ ਰੇਲਵੇ ਫੰਡ ਵਾਲੇ ਪ੍ਰਾਜੈਕਟ ਨੂੰ ਮਾਰਚ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਦੋਰਾਹਾ ਰੇਲ ਕਰਾਸਿੰਗ ਦੀ ਹਾਲਤ ਬਹੁਤ ਖ਼ਰਾਬ ਹੈ ਅਤੇ ਸੜਕਾਂ ’ਤੇ ਭਾਰੀ ਜਾਮ ਲਗਦਾ ਹੈ। ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੰਜਾਬ ਸਰਕਾਰ ਵੱਲੋਂ ਰੇਲਵੇ ਨੂੰ ਅਨੁਮਾਨ ਅਤੇ ਹੋਰ ਸੂਚਨਾਵਾਂ ਭੇਜਣ ਵਿੱਚ ਦੇਰੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਹੁਣ ਰੇਲਵੇ ਵੱਲੋਂ ਟੈਂਡਰ ਲਗਾਇਆ ਜਾ ਰਿਹਾ ਹੈ ਅਤੇ ਜਲਦ ਕੰਮ ਸ਼ੁਰੂ ਹੋ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ