ਪੱਤਰ ਪ੍ਰੇਰਕ
ਚੰਡੀਗੜ੍ਹ, 2 ਨਵੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਨੂੰ ਤਰਸਦੇ ਡਰਾਫ਼ਟਸਮੈਨਾਂ ਨੇ ਆਪਣੀ ‘ਕਲਮ ਛੱਡੋ’ ਹੜਤਾਲ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਇਸ ਸਬੰਧੀ ਪੰਜਾਬ ਡਰਾਫ਼ਟਸਮੈਨ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਕੁਮਾਰ, ਕਾਰਜਕਾਰੀ ਪ੍ਰਧਾਨ ਚਰਨ ਕਮਲ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਸ਼ਤਾਬ, ਚੇਅਰਮੈਨ ਗੁਰਮੇਲ ਸਿੰਘ ਸਿੱਧੂ ਅਤੇ ਗੁਰਚਰਨ ਸਿੰਘ ਹੀਰਾ ਨੇ ਕਿਹਾ ਕਿ ਚੰਨੀ ਸਰਕਾਰ ਹੋਰਨਾਂ ਸਭ ਮੁਲਾਜ਼ਮ ਜਥੇਬੰਦੀਆਂ ਨੂੰ ਮੁਲਾਕਾਤ ਦਾ ਸਮਾਂ ਦੇ ਰਹੀ ਹੈ ਪਰ ਡਰਾਫ਼ਟਸਮੈਨ ਐਸੋਸੀਏਸ਼ਨ ਨੂੰ ਹਾਲੇ ਤੱਕ ਇਕ ਵੀ ਵਾਰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਰੋਸ ਹੈ। ਉਨ੍ਹਾਂ ਦੱਸਿਆ ਕਿ ਹੜਤਾਲ ਨੂੰ ਹੁਣ 7 ਨਵੰਬਰ ਤੱਕ ਵਧਾ ਦਿੱਤਾ ਹੈ ਤਾਂ ਜੋ ਸਰਕਾਰ ਦਾ ਧਿਆਨ ਆਪਣੇ ਵੱਲ ਖਿੱਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।