ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 10 ਨਵੰਬਰ
ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ਹਿਰ ਦੇ ਪੱਤੀ ਬਾਜਵਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਿਆ। ਇਸ ਮੌਕੇ ਤਰੁਣ ਚੁੱਘ ਨੇ ਕਿਹਾ ਕਿ ਸੂਬੇ ’ਚ ‘ਆਪ’ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭੇਜੇ 43000 ਕਰੋੜ ਰੁਪਏ ਨਾਲ ਝੋਨੇ ਦੇ ਸਹੀ ਪ੍ਰਬੰਧ ਕਰਨ ਵਿੱਚ ਵੀ ਪੰਜਾਬ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹਰ ਸਟੇਜ ’ਤੇ ਪਿਛਲੀਆਂ ਸਰਕਾਰਾਂ ਵੇਲੇ ਮਾਫੀਆ ਸਿਸਟਮ ਦੀ ਗੱਲ ਕਰਦੇ ਸਨ ਪਰ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਗੈਂਗਵਾਦ ਚੱਲ ਰਿਹਾ ਹੈ। ਪੰਜਾਬ ਵਿੱਚ ਰੇਤ ਮਾਫੀਆ, ਨਕਲੀ ਸ਼ਰਾਬ ਮਾਫੀਆ ਅਤੇ ਕੇਬਲ ਮਾਫੀਆ ਪਹਿਲਾਂ ਦੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਵੀ ਕੋਈ ਨੇਤਾ, ਨੀਅਤ ਅਤੇ ਨੀਤੀ ਨਹੀਂ ਹੈ। ਉਨ੍ਹਾਂ ਕੇਜਰੀਵਾਲ ਦੇ ਨਸ਼ੇ ਪ੍ਰਤੀ ਦਿੱਤੇ ਬਿਆਨ ਉੱਪਰ ਪ੍ਰਤੀਕਰਮ ਦਿੰਦਿਆਂ ਕਿਹਾ ਕਿ 24 ਘੰਟਿਆਂ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਨੇ ਹੁਣ ਸਰਕਾਰ ਨੂੰ ਬਦਲਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਵਲ ਸਿੰਘ ਢਿੱਲੋਂ ਵਰਗੇ ਨੀਤੀਵਾਨ ਨੇਤਾ ਦੀ ਬਹੁਤ ਜ਼ਰੂਰਤ ਹੈ।