ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 22 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਨਵੀਨੀਕਰਨ ਸਬੰਧੀ ਸ਼ੁਰੂ ਕੀਤੀ ਜਾ ਰਹੀ ਸੇਵਾ ਲਈ ਸਿੱਖ ਜਥੇਬੰਦੀਆਂ ਨਾਲ ਸਹਿਮਤੀ ਬਣ ਗਈ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਵੱਲੋਂ ਇਸ ਅਸਥਾਨ ਦੇ ਨਵੀਨੀਕਰਨ ਕਾਰਨ ਪੁਰਾਤਨ ਦਿੱਖ ਦੇ ਪ੍ਰਭਾਵਿਤ ਹੋਣ ਦੇ ਸ਼ੰਕਿਆਂ ਕਰ ਕੇ ਇਸ ਕਾਰ ਸੇਵਾ ਦਾ ਵਿਰੋਧ ਕੀਤਾ ਜਾ ਰਿਹਾ ਸੀ। ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਆਪਸੀ ਸਹਿਮਤੀ ਬਣ ਸਕੀ ਹੈ। ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਲੰਗਰ ਹਾਲ ਵਿੱਚ ਵਿਰੋਧ ਕਰ ਰਹੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਦਲਜੀਤ ਸਿੰਘ ਭਿੰਡਰ, ਤਖ਼ਤ ਸਾਹਿਬ ਦੇ ਪ੍ਰਬੰਧਕ ਮਲਕੀਤ ਸਿੰਘ ਆਦਿ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ’ਚ ਸਪੱਸ਼ਟ ਕੀਤਾ ਗਿਆ ਕਿ ਇਸ ਇਮਾਰਤ ਦਾ ਇਮਾਰਤਸਾਜ਼ੀ ਦੇ ਮਾਹਿਰਾਂ ਦੀ ਰਾਏ ਅਨੁਸਾਰ ਪੁਰਾਤਨ ਦਿੱਖ ’ਚ ਹੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਸਾਰੀ ਦੌਰਾਨ ਇਸ ਮਹਾਨ ਅਸਥਾਨ ਦੀ ਦਿੱਖ ਕਿਸੇ ਵੀ ਕੀਮਤ ’ਤੇ ਪ੍ਰਭਾਵਿਤ ਨਹੀਂ ਹੋਣ ਦਿੱਤੀ ਜਾਵੇਗੀ ਤੇ ਨਾ ਹੀ ਇਸ ਅਸਥਾਨ ਦੇ ਅੰਦਰੂਨੀ ਹਿੱਸੇ ਨਾਲ ਕੋਈ ਵੀ ਛੇੜ-ਛਾੜ ਕੀਤੀ ਜਾਵੇਗੀ। ਇਸ ਨਵੀਨੀਕਰਨ ਨੂੰ ਅਗਲੇ ਵਰ੍ਹੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਤੱਕ ਤਿਆਰ ਕਰ ਲਿਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਅੰਦਰੂਨੀ ਹਿੱਸੇ ’ਚ ਮਾਰਬਲ ਅਤੇ ਇਮਾਰਤ ’ਚ ਅੰਸ਼ਕ ਤਬਦੀਲੀ ਲਈ ਜਥੇਬੰਦੀਆਂ ਵੱਲੋਂ ਸਹਿਮਤੀ ਪ੍ਰਗਟਾਈ ਗਈ ਹੈ।