ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਅਕਤੂਬਰ
ਦਸਹਿਰਾ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਹਾਦਸੇ ਦੀ ਦੂਜੀ ਬਰਸੀ ਮੌਕੇ ਵਿੱਛੜੇ ਪਰਿਵਾਰਕ ਮੈਂਬਰਾਂ ਦੀ ਯਾਦ ਵਿਚ ਰਾਮ ਤਲਾਈ ਚੌਕ ਤੋਂ ਜੌੜਾ ਫਾਟਕ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ। ਅੱਜ ਸ਼ਾਮ ਪੀੜਤ ਪਰਿਵਾਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਤਲਬੀਰ ਸਿੰਘ ਗਿੱਲ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਲੋਕਾਂ ਨੇ ਮੋਮਬੱਤੀ ਮਾਰਚ ਕੀਤਾ। ਅਕਾਲੀ ਆਗੂਆਂ ਅਤੇ ਪੀੜਤ ਪਰਿਵਾਰਾਂ ਨੇ ਮੰਗ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਦੇ ਜੀਆਂ ਨੂੰ ਨਿਆਂ ਦਿੱਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੀੜਤ ਪਰਿਵਾਰ ਦੇ ਮੈਂਬਰ ਦੀਪਕ ਨੇ ਆਖਿਆ ਕਿ ਇਸ ਮੋਮਬੱਤੀ ਮਾਰਚ ਦਾ ਮੰਤਵ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਯਾਦ ਕਰਾਉਣਾ ਹੈ।