ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਨੂੰ ਕਥਿਤ ਤੰਗ ਪ੍ਰੇਸ਼ਾਨ ਕਰਨ ਖ਼ਿਲਾਫ਼ ਰਾਜ ਭਵਨ ਤੱਕ ਰੋਸ ਮਾਰਚ ਕਰਨ ਦੇ ਆਪਣੇ ਮਿੱਥੇ ਪ੍ਰੋਗਰਾਮ ਤਹਿਤ ਅੱਜ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਭਵਨ ਵਿੱਚ ਇਕੱਤਰ ਹੋ ਕੇ ਕੇਂਦਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਇੱਥੋਂ ਰਾਜ ਭਵਨ ਵੱਲ ਰੋਸ ਮਾਰਚ ਆਰੰਭਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਅਤੇ ਇਸ ਦੌਰਾਨ ਜਲ ਤੋਪਾਂ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਪਹਿਲਾਂ ਹੀ ਬੈਰੀਕੇਡ ਲਾਏ ਹੋਏ ਸਨ। ਕਾਂਗਰਸੀ ਆਗੂਆਂ ਨੇ ਜਦੋਂ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਆਗੂਆਂ ਅਤੇ ਪੁਲੀਸ ਦਰਮਿਆਨ ਝੜਪ ਹੋਈ। ਪ੍ਰਦਰਸ਼ਨਕਾਰੀਆਂ ਨੂੰ ਬੈਰੀਕੇਡ ਲੰਘਣ ਤੋਂ ਰੋਕਣ ਲਈ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ, ਜਿਸ ਮਗਰੋਂ ਕੁਝ ਆਗੂ ਇੱਧਰ-ਉੱਧਰ ਖਿੰਡ ਗਏ ਤੇ ਬਾਕੀ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਇਨ੍ਹਾਂ ਆਗੂਆਂ ਨੂੰ ਸੈਕਟਰ-3 ਦੇ ਥਾਣੇ ਲਿਜਾਇਆ ਗਿਆ, ਜਿੱਥੋਂ ਮਗਰੋਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਾਰਟੀ ਆਗੂਆਂ ਨੇ ਹੁਣ ਭਲਕੇ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਦਲਾਖੋਰੀ ਦੀ ਸਿਆਸਤ ਕੀਤੀ ਜਾ ਰਹੀ ਹੈ ਤੇ ਲੋਕ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਨਫੋਰਸਮੈਂਟ ਡਾਇਰੈਕਟੋਰੇਟ ਸਪੱਸ਼ਟ ਤੌਰ ’ਤੇ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕਰਨ ਖ਼ਾਤਰ ਵਾਰ-ਵਾਰ ਬੁਲਾ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਤੋਂ ਡਰਦੇ ਹਨ। ਇਸ ਕਰਕੇ ਮੋਦੀ ‘ਕਾਂਗਰਸ ਮੁਕਤ ਭਾਰਤ’ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਭਾਜਪਾ ਦੇ ਇਨ੍ਹਾਂ ਇਰਾਦਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ।
ਰੋਸ ਪ੍ਰਦਰਸ਼ਨ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਅਰੁਣਾ ਚੌਧਰੀ ਤੇ ਪਰਗਟ ਸਿੰਘ, ਕੈਪਟਨ ਸੰਦੀਪ ਸੰਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਜੀਪੀ, ਸਾਬਕਾ ਵਿਧਾਇਕ ਮਦਨ ਲਾਲ, ਤਰਲੋਚਨ ਸਿੰਘ, ਦਵਿੰਦਰ ਘੁਬਾਇਆ ਅਤੇ ਦੀਪਇੰਦਰ ਸਿੰਘ ਢਿੱਲੋਂ ਹਾਜ਼ਰ ਸਨ।