ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਦੇਣ ਦਾ ਵਾਅਦਾ ਹਾਸੋਹੀਣਾ ਲੱਗਦਾ ਹੈ ਕਿਉਂਕਿ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਪਿੰਡਾਂ ਦੇ ਵਸਨੀਕ ਸਕੂਲਾਂ ਨੂੰ ਤਾਲੇ ਜੜ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁਕਤਸਰ ਵਿੱਚ ਇੱਕ ਹੀ ਅਧਿਆਪਕ 175 ਵਿਦਿਆਰਥੀਆਂ ਨੂੰ ਪੜ੍ਹਾ ਤੇ ਖਾਣਾ ਖੁਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਕਿਸੇ ਨਾਲ ਮੁਕਾਬਲਾ ਕਿਵੇਂ ਕਰ ਸਕਣਗੇ, ਜੇਕਰ ਉਨ੍ਹਾਂ ਨੂੰ ਪੜ੍ਹਾਉਣ ਲਈ ਕੋਈ ਅਧਿਆਪਕ ਹੀ ਨਹੀਂ ਹੈ। ਸ੍ਰੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਪਿੰਡਾਂ ਦੇ ਸਕੂਲਾਂ ਵਿੱਚ ਅਧਿਆਪਕ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਪੇਂਡੂ ਡਿਸਪੈਂਸਰੀਆਂ ਦੀ ਹਾਲਤ ਬਹੁਤ ਮਾੜੀ ਹੈ। ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦਾ ਬੁਨਿਆਦੀ ਢਾਂਚਾ ਬੁਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਸਕੂਲਾਂ ਤੇ ਸਿਵਲ ਹਸਪਤਾਲਾਂ ਦੀ ਸਹੂਲਤ ਦੇਣ ਵਿੱਚ ਅਸਫ਼ਲ ਸਾਬਤ ਹੋਈ ਹੈ। -ਟਨਸ