ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਨਵੰਬਰ
ਪੰਜਾਬ ਸਰਕਾਰ ਨੇ ਲੁਧਿਆਣਾ ਦੇ ਬੁੱਢਾ ਦਰਿਆ ਦੀ ਸਾਫ਼-ਸਫ਼ਾਈ ਲਈ ਯਤਨ ਤੇਜ਼ ਕਰ ਦਿੱਤੇ ਹਨ। ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਇੱਥੇ ਮਿਉਂਸਿਪਲ ਭਵਨ ’ਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ ਨੂੰ ਸਾਫ਼-ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਸਰੋਤਾਂ ਦੀ ਜਾਂਚ ਕਰਨ ਅਤੇ ਇਸ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।