ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਕਿਸਾਨ ਅੰਦੋਲਨ ਦੇ ਖ਼ਤਮ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਅਤੇ ਭਖਦੇ ਸਿੱਖ ਮਸਲਿਆਂ ਵੱਲ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦਾ ਮਾਣ-ਸਨਮਾਨ ਬਹਾਲ ਕਰਨ ਲਈ ਵੱਡੀ ਰੱਦੋ-ਬਦਲ ਅਤੇ ਇਸ ਨੂੰ ਪਰਿਵਾਰਵਾਦ ਤੋਂ ਮੁਕਤੀ ਦਿਵਾਉਣਾ ਜ਼ਰੂਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਸੰਸਥਾ ਵਿੱਚ ਨਿਘਾਰ ਆਇਆ ਹੈ ਅਤੇ ਭ੍ਰਿਸ਼ਟਾਚਾਰ ਵਧਿਆ ਹੈ। ਸੰਸਥਾ ਵੱਲੋਂ ਕੀਤੇ ਜਾ ਰਹੇ ਬੇਲੋੜੇ ਖਰਚਿਆਂ ਨੂੰ ਰੋਕਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਖਤਮ ਹੋਣ ਮਗਰੋਂ ਪਾਰਟੀ ਵੱਲੋਂ ਸਿੱਖ ਸੰਸਥਾ ਅਤੇ ਸਿੱਖ ਮਸਲਿਆਂ ਨੂੰ ਹੱਲ ਕਰਨ ਲਈ ਯਤਨ ਸ਼ੁਰੂ ਕੀਤੇ ਜਾਣਗੇ। ਇਸ ਸਬੰਧੀ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰਨਾਂ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਲਈ ਮਿਲਣਗੇ।