ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 14 ਜਨਵਰੀ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਨੰਬਰ ’ਤੇ 24 ਘੰਟਿਆਂ ਵਿੱਚ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ। ਅੱਜ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵਟਸਐਪ ਮੈਸੇਜ, 4 ਲੱਖ ਤੋਂ ਵੱਧ ਫੋਨ, 1 ਲੱਖ ਤੋਂ ਜ਼ਿਆਦਾ ਵੁਆਇਸ ਅਤੇ 50 ਹਜ਼ਾਰ ਤੋਂ ਵੱਧ ਟੈਕਸਟ ਮੈਸੇਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂ ’ਤੇ ਫ਼ੈਸਲਾ ਕਰੇਗੀ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ‘ਆਪ’ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰਥਨ ਤੋਂ ਇਹ ਸਾਬਤ ਹੋ ਗਿਆ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਦੇ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਸਿਆਸਤ ਵਿੱਚ ਬਦਲਾਅ ਚਾਹੁੰਦੇ ਹਨ। ਇਸ ਮੌਕੇ ਹਰਪਾਲ ਚੀਮਾ ਨੇ ਭਾਜਪਾਈਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਤੇ ਭਾਜਪਾ ਆਗੂਆਂ ਨੇ ਪੰਜਾਬ ਤੇ ਸੂਬੇ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁਝ ਪਾਰਟੀਆਂ ਆਪਣੇ ਸਿਆਸੀ ਲਾਹੇ ਲਈ ਗੱਠਜੋੜ ਕਰ ਰਹੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ।