ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ, 13 ਜਨਵਰੀ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ 12 ਜਨਵਰੀ ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਨਿਗਰਾਨ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ, ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ।
ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜ਼ਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ। ਇਸੇ ਤਰ੍ਹਾਂ ਸੂਬੇ ਵਿੱਚ 1131 ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਹੈ, ਜੋ ਕਿ ਅਮਨ ਅਮਾਨ ਵਿੱਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿੱਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦੀ ਕਾਰਵਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 2422 ਨਾਕੇ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 998 ਮਾਮਲੇ ਕਾਰਵਾਈ ਅਧੀਨ ਹਨ ਅਤੇ ਜਿਨ੍ਹਾਂ ਵਿੱਚੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 873 ਲੋਕ ਹਿਰਾਸਤ ਵਿੱਚ ਲੈ ਲਏ ਹਨ ਅਤੇ ਬਾਕੀ 125 ਖ਼ਿਲਾਫ਼ ਕਾਰਵਾਈ ਜਾਰੀ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,97,140 ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿਚੋਂ 12,684 ਹਥਿਆਰ ਜਮ੍ਹਾਂ ਹੋ ਚੁੱਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 17 ਗ਼ੈਰ ਲਾਇਸੈਂਸੀ ਹਥਿਆਰ ਫੜੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਟੀਮਾਂ ਵੱਲੋਂ ਹੁਣ ਤੱਕ 49,852 ਸਰਕਾਰੀ ਥਾਵਾਂ ਅਤੇ 16,900 ਨਿੱਜੀ ਥਾਵਾਂ ਤੋਂ ਬੈਨਰ, ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।