ਨਵੀਂ ਦਿੱਲੀ, 6 ਜਨਵਰੀ
ਚੋਣ ਕਮਿਸ਼ਨ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਪੰਜ ਰਾਜਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇਸ ਲਈ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਚੋਣ ਕਮਿਸ਼ਨ ਨੂੰ ਇਨ੍ਹਾਂ ਪੰਜ ਰਾਜਾਂ ਵਿੱਚ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣੂ ਕਰਵਾਇਆ। ਇਹ ਦੂਜੀ ਵਾਰ ਹੈ, ਜਦੋਂ ਭੂਸ਼ਣ ਦੇਸ਼ ਅਤੇ ਖਾਸ ਤੌਰ ‘ਤੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਚੋਣ ਕਮਿਸ਼ਨ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਸਕੱਤਰ ਨੇ 27 ਦਸੰਬਰ ਨੂੰ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਸੀ। ਚਰਚਾ ਦੌਰਾਨ ਚੋਣ ਕਮਿਸ਼ਨ ਨੇ ਸਰਕਾਰ ਨੂੰ ਚੋਣਾਂ ਵਾਲੇ ਰਾਜਾਂ ਵਿੱਚ ਟੀਕਾਕਰਨ ਪ੍ਰੋਗਰਾਮ ਨੂੰ ਤੇਜ਼ ਕਰਨ ਲਈ ਕਿਹਾ ਸੀ। ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਅਤੇ ਸਿਹਤ ਮਾਹਿਰ ਹਾਜ਼ਰ ਸਨ। ਦੂਜੇ ਪਾਸੇ ਚੋਣ ਪੈਨਲ ਨੇ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨਾਲ ਪੰਜ ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਾਰੇ ਵੱਖਰੀ ਮੀਟਿੰਗ ਕੀਤੀ।