ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜਨਵਰੀ
ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਹੈ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।
ਇਸ ਮੌਕੇ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ (ਆਈਏਐੱਸ) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਇਲੈੱਕਸ਼ਨ ਮਸਕਟ ‘ਸ਼ੇਰਾ’ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਤੇ ਚੋਣਾਂ ਵਿਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ’ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ ’ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ‘ਸ਼ੇਰਾ’ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਅਕਾਰ ਦੇ ਕੱਟ-ਆਊਟ ਦੀ ਵਰਤੋਂ ਕੀਤੀ ਜਾਵੇਗੀ। ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।