ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੁਲਾਈ
ਪੰਜਾਬ-ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਨੋਟੀਫਿਕੇਸ਼ਨ ਦੇ ਵਿਰੋਧ ਵਿਚ ਡੀਸੀ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੇ ਪਾਪਾਂ ਦਾ ਘੜਾ ਭੰਨਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸਰਕਾਰ ਦੇ ਪਾਪਾਂ ਦਾ ਘੜਾ ਸਿਰ ਉਪਰ ਚੁੱਕ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸਾਂਝਾ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਸਰਵਸ੍ਰੀ ਪ੍ਰੀਤਮ ਸਿੰਘ, ਵਾਸਵੀਰ ਸਿੰਘ ਭੁੱਲਰ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਅਵਿਨਾਸ਼ ਸ਼ਰਮਾ, ਬਾਲ ਕ੍ਰਿਸ਼ਨ ਚੌਹਾਨ, ਸੀਤਾ ਰਾਮ ਸ਼ਰਮਾ, ਸੁਖਦੇਵ ਸਿੰਘ ਚੰਗਾਲੀਵਾਲਾ ਦੀ ਸਾਂਝੀ ਅਗਵਾਈ ਵਿੱਚ ਸਮੂਹ ਕਨਵੀਨਰਾਂ ਵੱਲੋਂ ਕਾਲੇ ਚੋਲੇ ਪਾ ਕੇ ਸ਼ਹਿਰ ’ਚ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਕੰਪਲੈਕਸ ਅੱਗੇ ਪੁੱਜ ਕੇ ਪਾਪਾਂ ਦਾ ਘੜਾ ਭੰਨ੍ਹਿਆ ਗਿਆ। ਸਮੂਹ ਕਨਵੀਨਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਚੁੱਕੇ ਹਨ। ਜੇਕਰ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਨੂੰ ਰੱਦ ਨਾ ਕੀਤਾ ਗਿਆ ਅਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਸੋਧੇ ਹੋਏ ਸਕੇਲਾਂ ਅਨੁਸਾਰ ਲਾਗੂ ਨਾ ਕੀਤੀ ਤਾਂ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।