ਖੇਤਰੀ ਪ੍ਰਤੀਨਿਧ
ਪਟਿਆਲਾ, 12 ਅਗਸਤ
ਸੇਵਾਵਾਂ ਰੈਗੂਲਰ ਕਰਵਾਉਣ ਲਈ ਡੇਢ ਮਹੀਨੇ ਤੋਂ ਸੰਘਰਸ਼ ਕਰਦੇ ਆ ਰਹੇ ਰਾਜਿੰਦਰਾ ਹਸਪਤਾਲ, ਟੀਬੀ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਠੇਕਾ, ਆਊਟਸੋਰਸ, ਮਲਟੀ-ਟਾਸਕ ਵਰਕਰ ਤੇ ਕਰੋਨਾ ਯੋਧਿਆਂ ਨੇ ਰਾਜਿੰਦਰਾ ਹਸਪਤਾਲ ’ਚ ਆਉਣ ਵਾਲੇ ਹਰ ਸਿਆਸੀ ਆਗੂ ਦੇ ਘਿਰਾਓ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਸਰਕਾਰ ’ਤੇ ਦਬਾਅ ਪਾਉਣ ਦੀ ਜ਼ਿੰਮੇਵਾਰੀ ਨਹੀਂ ਨਿਭਾ ਰਹੇ। ਮੁਲਾਜ਼ਮਾਂ ਦੀ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ ਬੰਗਾ ਅਤੇ ਚੇਅਰਮੈਨ ਰਾਮ ਕਿਸ਼ਨ ਨੇ ਕਿਹਾ ਕਿ ਸੇਵਾਵਾਂ ਰੈਗੂਲਰ ਕਰਵਾਉਣ ਲਈ ਕੱਚਾ ਨਰਸਿੰਗ ਸਟਾਫ਼, ਲੈਬ ਟੈਕਨੀਸ਼ੀਅਨ, ਸਫ਼ਾਈ ਸੇਵਕ ਅਤੇ ਹੋਰ ਮੁਲਾਜ਼ਮ ਡੇਢ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਇਸੇ ਦੇ ਰੋਸ ਵਜੋਂ 18 ਅਗਸਤ ਤੋਂ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰਨਗੇ।