ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਬੰਬ ਧਮਾਕੇ ਦੀ ਘਟਨਾ ਨੂੰ ਅਤਿ ਸ਼ਰਮਨਾਕ ਅਤੇ ਘਿਣਾਉਣੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਲਈ ਇਸ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੇ ਆਪਣੇ ਨਾਪਾਕ ਮਨਸੂਬਿਆਂ ਵਿਚ ਦੁਸ਼ਮਣ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ |
ਮੁੱਖ ਮੰਤਰੀ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਉੱਤੇ ਕਰੜੀ ਘਾਲਣਾ ਘਾਲ ਕੇ ਬਹਾਲ ਕੀਤੀ ਗਈ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀਆਂ ਅਜਿਹੀਆਂ ਸਾਜ਼ਿਸ਼ਾਂ ਰਚਣ ‘ਤੇ ਤੁਲੀਆਂ ਹੋਈਆਂ ਇਨ੍ਹਾਂ ਤਾਕਤਾਂ ਦੇ ਹੱਥਕੰਡਿਆਂ ਤੋਂ ਹਰ ਕੋਈ ਵਾਕਿਫ ਹੈ|
ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਇਸ ਘਿਣਾਉਣੇ ਅਪਰਾਧ ਦੇ ਮੁਲਜ਼ਮਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦੇਣ ਲਈ ਆਪਣੀ ਦਿ੍ੜ ਵਚਨਬੱਧਤਾ ਦੁਹਰਾਈ| ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ|
ਮੁੱਖ ਮੰਤਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਅਤੇ ਹੁਣ ਇਸ ਮੌਕੇ ਲੁਧਿਆਣਾ ਅਦਾਲਤੀ ਕੰਪਲੈਕਸ ਵਿਚ ਹੋਏ ਬੰਬ ਧਮਾਕੇ ਦੀ ਕੋਸ਼ਿਸ਼ ਨੂੰ ਜੋੜਦਿਆਂ ਕਿਹਾ ਕਿ ਇਹ ਸਭ ਕੁਝ ਆਪਣੇ ਸਵਾਰਥ ਲਈ ਸਰਹੱਦੀ ਸੂਬੇ ਵਿੱਚ ਗੜਬੜ ਪੈਦਾ ਕਰਨ ਲਈ ਸਰਗਰਮ ਕਈ ਤਾਕਤਾਂ ਵੱਲ ਇਸ਼ਾਰਾ ਕਰਦਾ ਹੈ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਸਮਾਜ ਵਿਰੋਧੀ ਤਾਕਤਾਂ ਨੂੰ ਜਲਦ ਹੀ ਮੂੰਹ ਤੋੜਵਾਂ ਜਵਾਬ ਦੇਵੇਗੀ ਅਤੇ ਇਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੋਲੇ-ਭਾਲੇ ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਨਹੀਂ ਕਰਨ ਦਿੱਤਾ ਜਾਵੇਗਾ |
ਮੁੱਖ ਮੰਤਰੀ ਨੇ ਲੋਕਾਂ ਤੋਂ ਪੂਰਨ ਸਾਥ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿਚ ਸੰਜਮ ਵਰਤਣ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਸੂਬੇ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਬੰਬ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ|
ਗੁਰੂਸਰ ਸੁਧਾਰ (ਸੰਤੋਖ ਗਿੱਲ): ਕਸਬਾ ਮੁੱਲਾਂਪੁਰ ਦੀ ਅਨਾਜ ਮੰਡੀ ਵਿੱਚ ਕਾਂਗਰਸ ਦੀ ਰੈਲੀ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਸ਼ੇ ਦੇ ਸੌਦਾਗਰਾਂ ਨੂੰ ਭਜਾਉਣਾ ਵੀ ਚੰਗੀ ਤਰ੍ਹਾਂ ਵੀ ਜਾਣਦੇ ਹਨ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਭਿਣਕ ਪੈਂਦੇ ਹੀ ਪੰਜਾਬ ਵਿੱਚ ਉੱਪਰੋਥਲੀ ਵਧੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬੰਬ ਧਮਾਕੇ ਦੇ ਤਾਰ ਆਪਸ ਵਿਚ ਜੁੜੇ ਹੋਣ ਦੀ ਵੀ ਹੁਣ ਜਾਂਚ ਕੀਤੀ ਜਾਵੇਗੀ। ਉਨ੍ਹਾਂ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ਵਿੱਚ ਹੋਏ ਬੰਬ ਧਮਾਕੇ ਦੀ ਨਿੰਦਾ ਕੀਤੀ। ਉਹ ਮੁੱਲਾਂਪੁਰ ਵਿੱਚ ਕਰੀਬ 9 ਕਰੋੜ ਦੀ ਲਾਗਤ ਨਾਲ ਬਣੇ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਬੱਸ ਸਟੈਂਡ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਮੌਕੇ ਮੁੱਲਾਂਪੁਰ ਦੇ ਬੱਸ ਅੱਡੇ ਦੀ ਉਸਾਰੀ ਕਰਨ ਵਾਲੇ ਕਾਮਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਚੰਨੀ ਨੇ ਵਿਰੋਧੀਆਂ ਨੂੰ ਘੇਰਦਿਆਂ ਕਿਹਾ, ‘‘ਨਸ਼ੇ ਦੇ ਕੇਸ ਦੀਆਂ ਫਾਈਲਾਂ ਗੁੰਮ ਕਰ ਦਿੱਤੀਆਂ ਗਈਆਂ, ਜ਼ਿਮਨੀਆਂ ਗਵਾਚ ਗਈਆਂ ਅਤੇ ਹੁਣ ਜਦੋਂ ਪਰਚਾ ਹੋ ਗਿਆ ਤਾਂ ਖ਼ੁਦ ਨਹੀਂ ਲੱਭਦੇ। ਜਿਹੜੇ ਕਹਿੰਦੇ ਸੀ ਇਹ ਕੀ ਕਰੂ, ਹੁਣ ਕਹਿੰਦੇ ਨੇ ਇਹਦਾ ਕੀ ਕਰੀਏ।’’ ਉਨ੍ਹਾਂ ਅਕਾਲੀ ਦਲ ਨੂੰ ਜ਼ਿਲ੍ਹਾ ਹੈੱਡ-ਕੁਆਟਰਾਂ ’ਤੇ ਧਰਨੇ ਲਾਉਣ ਦੀ ਥਾਂ ਪੰਥਕ ਪਾਰਟੀ ਨੂੰ ਬਦਨਾਮ ਕਰਨ ਵਾਲੇ ਅਤੇ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਲੋਕਾਂ ਦੇ ਘਰਾਂ ਮੂਹਰੇ ਧਰਨੇ ਲਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨਸ਼ੇ ਦੇ ਸੌਦਾਗਰਾਂ ਦੀਆਂ ਤਾਰਾਂ ਦਾਖਾ ਹਲਕੇ ਨਾਲ ਵੀ ਜੁੜੀਆਂ ਹਨ, ਜਲਦੀ ਇਹ ਸੱਚ ਵੀ ਸਾਹਮਣੇ ਲਿਆਵਾਂਗੇ।
ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਸਾਹਮਣੇ ਕਈ ਮੰਗਾਂ ਰੱਖੀਆਂ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨੇ ਮੌਕੇ ’ਤੇ ਮੁੱਲਾਂਪੁਰ-ਦਾਖਾ ਨੂੰ ਤਹਿਸੀਲ ਬਣਾਉਣ, ਲਤਾਲਾ ਪਿੰਡ ’ਚ ਸਰਕਾਰੀ ਆਈ.ਟੀ.ਆਈ, ਸਿਧਵਾਂ ਬੇਟ ਵਿਚ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਅਤੇ ਮੁੱਲਾਂਪੁਰ ਸ਼ਹਿਰ ਲਈ 5 ਕਰੋੜ ਰੁਪਏ ਦੀ ਗਰਾਂਟ ਫ਼ੌਰੀ ਜਾਰੀ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਵਜ਼ੀਰ ਭਾਰਤ ਭੂਸ਼ਨ ਆਸ਼ੂ ਨੇ ਵੀ ਮੁੱਖ ਮੰਤਰੀ ਚੰਨੀ ਅਤੇ ਕੈਪਟਨ ਸੰਦੀਪ ਸੰਧੂ ਵੱਲੋਂ ਕਰਵਾਏ ਕੰਮਾਂ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਕਰੀਬ ਸਵਾ ਮਹੀਨੇ ਤੋਂ ਹੜਤਾਲ ਕਰ ਕੇ ਬੈਠੇ ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਦੇ ਵਫ਼ਦ ਦੀ ਮੀਟਿੰਗ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਚੰਨੀ ਨਾਲ ਕਰਵਾਈ ਅਤੇ ਮੰਗ ਪੱਤਰ ਪ੍ਰਾਪਤ ਕਰ ਕੇ ਮੁੱਖ ਮੰਤਰੀ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ।