ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜਨਵਰੀ
‘ਆਪ’ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ਟੋਲ ਫਰੀ ਨੰਬਰ ’ਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਸ ਨੰਬਰ ’ਤੇ 48 ਘੰਟਿਆਂ ਵਿੱਚ ਲਗਪਗ 11.5 ਲੱਖ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰੀ ਸੰਖਿਆ ਵਿੱਚ ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾਉਣ ਲਈ ਰਾਇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਪ੍ਰਤੀਕਿਰਿਆ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕਾਂ ਨੇ ‘ਆਪ’ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ ਅਤੇ ਇਸ ਵਾਰ ਸਪੱਸ਼ਟ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ ਤੇ ਰਵਾਇਤੀ ਸਿਆਸੀ ਪਾਰਟੀਆਂ ਦੀ ਘਟੀਆ ਰਾਜਨੀਤੀ ਦਾ ਸਫਾਇਆ ਹੋਵੇਗਾ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਤੋਂ ਤੰਗ ਹਨ ਤੇ ਬਦਲਾਅ ਚਾਹੁੰਦੇ ਹਨ।