ਰਵਿੰਦਰ ਰਵੀ
ਬਰਨਾਲਾ, 11 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਬਰਨਾਲਾ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਲਾਇਆ ਗਿਆ ਧਰਨਾ ਅੱਜ 42ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਲੋਕਾਂ ਲਈ ਜ਼ਿੰਦਗੀ ਬਸਰ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ। ਸਰਕਾਰ ਨੇ ਗ਼ਰੀਬਾਂ ਨੂੰ ਦੋ ਡੰਗ ਦੀ ਰੋਟੀ ਤੋਂ ਵਾਂਝੇ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਟੜੀਆਂ ਖਾਲੀ ਕਰਨ ਦੇ ਬਾਵਜੂਦ ਕੇਂਦਰ ਮਾਲ ਗੱਡੀਆਂ ਨਹੀਂ ਚਲਾ ਰਿਹਾ, ਜਿਸ ਦੀ ਉਹ ਨਿਖੇਧੀ ਕਰਦੇ ਹਨ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਿਕੰਦਰ ਸਿੰਘ, ਸਰਪੰਚ ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਨਿਰਭੈ ਸਿੰਘ ਗਿਆਨੀ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨਣੀਆਂ ਚਾਹੀਦੀਆਂ ਹਨ। ਇਸ ਦੌਰਾਨ ਆਗੂਆਂ ਨੇ 26-27 ਨਵੰਬਰ ਦੇ ਦਿੱਲੀ ਮੋਰਚੇ ਦੀ ਤਿਆਰੀ ਲਈ ਹੁਣ ਤੋਂ ਹੀ ਜੁੱਟ ਜਾਣ ਦਾ ਸੱਦਾ ਦਿੱਤਾ।