ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਲੰਤ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਜੀਐੱਸਟੀ ਅਤੇ ਆਬਕਾਰੀ ਵਸੂਲੀ ’ਚ ਦਰਜ ਕੀਤੇ ਵਾਧੇ ਨੂੰ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀਐੱਸਟੀ ਵਸੂਲੀ ਵਿੱਚ 24.15 ਫ਼ੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫ਼ੀਸਦੀ ਵਾਧਾ ਦਰਜ ਕੀਤਾ ਹੈ।
ਸ੍ਰੀ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ’ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅਸਲ ਪ੍ਰਾਪਤੀ ਵਾਧਾ ਵਿੱਤੀ ਸਾਲ 2022-23 ਲਈ ਜੀਐੱਸਟੀ ਵਿੱਚ 27 ਫ਼ੀਸਦੀ ਦੇ ਅਨੁਮਾਨਿਤ ਬਜਟ ਵਾਧੇ ਦੇ ਬਹੁਤ ਨੇੜੇ ਹੈ। ਉਨ੍ਹਾਂ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਵਜੋਂ ਇਨ੍ਹਾਂ ਚਾਰ ਮਹੀਨਿਆਂ ਦੌਰਾਨ ਆਬਕਾਰੀ ਵਸੂਲੀ 2741.35 ਕਰੋੜ ਰੁਪਏ ਰਹੀ, ਜਦੋਂ ਕਿ ਪਿਛਲੇ ਸਾਲ ਦੌਰਾਨ ਇਸੇ ਮਿਆਦ ਲਈ ਆਬਕਾਰੀ ਵਸੂਲੀ 1941.05 ਕਰੋੜ ਸੀ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਕੀਤੀ ਗਈ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ, ਜਿਸ ਨਾਲ 2266.94 ਕਰੋੜ ਰੁਪਏ ਦੇ ਕਰਜ਼ੇ ਦੀ ਕਟੌਤੀ ਕੀਤੀ ਗਈ। ਵਿੱਤ ਮੰਤਰੀ ਨੇ ਜੀਐੱਸਟੀ ਮੁਆਵਜ਼ੇ ਬਾਰੇ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਜੀਐੱਸਟੀ ਮੁਆਵਜ਼ੇ ਨੂੰ ਕੁੱਝ ਹੋਰ ਸਾਲਾਂ ਲਈ ਵਧਾਉਣ ਦੀ ਅਪੀਲ ਕੀਤੀ ਹੈ।