ਪਟਿਆਲਾ: ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਲਈ ਘੱਟ ਕੀਮਤ ’ਤੇ ਜਬਰੀ ਜ਼ਮੀਨਾਂ ਐਕੁਆਇਰ ਕਰਨ ਦੇ ਵਿਰੋਧ ’ਚ ਛੇ ਮਹੀਨਿਆਂ ਤੋਂ ਪਟਿਆਲਾ ਵਿੱਚ ਮੁੱਖ ਮੰਤਰੀ ਨਿਵਾਸ ਨੇੜੇ ਵਾਈਪੀਐੱਸ ਚੌਕ ’ਚ ਪੱਕੇ ਮੋਰਚੇ ’ਤੇ ਬੈਠੀ ਕਿਸਾਨਾਂ ਦੀ ਜਥੇਬੰਦੀ ਦੋਫਾੜ ਹੋ ਗਈ ਹੈ। ਇਸ ਸਬੰਧੀ ਬਣੀ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਗਲੌਲੀ ਸਮੇਤ ਕਈ ਹੋਰ ਆਗੂਆਂ ਨੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਦੇ ਦਖਲ ਮਗਰੋਂ ਇੱਥੇ ਚੱਲ ਰਿਹਾ ਧਰਨਾ ਅੱਜ ਸਮਾਪਤ ਕਰ ਦਿੱਤਾ ਹੈ। ਦੂਜੇ ਪਾਸੇ ਇਸ ਧਰਨੇ ’ਚੋਂ ਕਈ ਹਫ਼ਤਿਆਂ ਤੋਂ ਗੈਰਹਾਜ਼ਰ ਚੱਲੇ ਆ ਰਹੇ ਕਮੇਟੀ ਦੇ ਸੂਬਾਈ ਕਨਵੀਨਰ ਡਿੱਕੀ ਜੇਜੀ ਅੱਜ ਆਪਣੇ ਕੁਝ ਸਾਥੀਆਂ ਸਮੇਤ ਇਸ ਧਰਨੇ ਲਈ ਲਾਏ ਗਏ ਤੰਬੂ ’ਚ ਆ ਬੈਠੇ ਤੇ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ। ਜੇਜੀ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਪਹਿਲਾਂ ਐਕੁਆਇਰ ਹੋਈਆਂ ਜ਼ਮੀਨਾਂ ਲਈ ਜਾਰੀ ਕੀਤੇ ਗਏ ਸਵਾ ਕਰੋੜ ਤੋਂ ਡੇਢ ਕਰੋੜ ਪ੍ਰਤੀ ਏਕੜ ਦਾ ਮੁਆਵਜ਼ਾ ਜਾਰੀ ਨਹੀਂ ਕਰਦੀ, ਉਦੋਂ ਤੱਕ ਉਹ ਇੱਥੇ ਧਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਗੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਦੀ ਇਸੇ ਮੰਗ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਵੱਖ-ਵੱਖ ਤਰ੍ਹਾਂ ਦੇ ਐਕਸ਼ਨਾਂ ’ਚ ਮੋਹਰੀ ਭੂਮਿਕਾ ਨਿਭਾਅ ਚੁੱਕੇ ਡਿੱਕੀ ਜੇਜੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਉਹ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ। -ਖੇਤਰੀ ਪ੍ਰਤੀਨਿਧ