ਪੱਤਰ ਪ੍ਰੇਰਕ
ਤਰਨ ਤਾਰਨ/ਪੱਟੀ, 2 ਸਤੰਬਰ
ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਅੱਜ ਪੱਟੀ ਦੇ ਪਿੰਡ ਠੱਕਰਪੁਰਾ ਦੇ ਗਿਰਜਾਘਰ ਪਹੁੰਚੇ, ਜਿੱਥੇ ਬੀਤੇ ਮੰਗਲਵਾਰ ਦੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਧਾਰਮਿਕ ਮੂਰਤੀਆਂ ਦੀ ਭੰਨ੍ਹ-ਤੋੜ ਕਰਕੇ ਇੱਕ ਕਾਰ ਨੂੰ ਅੱਗ ਲਾ ਦਿੱਤੀ ਸੀ। ਕਾਂਗਰਸੀ ਆਗੂਆਂ ਨੇ ਗਿਰਜਾਘਰ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਤੇ ਇਸਾਈ ਭਾਈਚਾਰੇ ਨੂੰ ਇਨਸਾਫ਼ ਦਿਵਾਉਣ ਲਈ ਸਮੁੱਚੀ ਕਾਂਗਰਸੀ ਪਾਰਟੀ ਵੱਲੋਂ ਮਦਦ ਕਰਨ ਦਾ ਭਰੋਸਾ ਦਿੱਤਾ। ਸ੍ਰੀ ਬਾਜਵਾ ਨੇ ਆਖਿਆ ਕਿ ਪੰਜਾਬ ਦੀ ਭਾਈਚਾਰਕ ਸਾਂਝ ਵਿੱਚ ਪਾੜ ਪਾਉਣ ਲਈ ਦੇਸ਼ ਤੋਂ ਬਾਹਰੀ ਤਾਕਤਾਂ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਦੇ ਡੀਜੀਪੀ ਖ਼ੁਦ ਪੱਟੀ ਦੇ ਗਿਰਜਾਘਰ ’ਚ ਵਾਪਰੀ ਘਟਨਾ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਅਜਿਹੀਆਂ ਹੀ ਘਟਨਾਵਾਂ ਕਈ ਹੋਰ ਗਿਰਜਾਘਰਾਂ ਵਿੱਚ ਵੀ ਵਾਪਰੀਆਂ ਹਨ ਤੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਵਜੋਂ ਉਹ ਆਪਣੇ ਪੱਧਰ ’ਤੇ ਪਿੰਡ ਠੱਕਰਪੁਰਾ ਦੇ ਗਿਰਜਾਘਰ ਵਿੱਚ ਵਾਪਰੀ ਘਟਨਾ ਸਬੰਧੀ ਡੀਜੀਪੀ ਪੰਜਾਬ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਘਟਨਾ ਨੂੰ ਛੋਟੀ ਨਾ ਸਮਝੇ ਤੇ ਆਈਜੀ ਪੱਧਰ ਦੇ ਅਧਿਕਾਰੀਆਂ ਦੀ ‘ਸਿਟ’ ਬਣਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰੇ।
ਇਸੇ ਦੌਰਾਨ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪੰਜਾਬ ਸਰਕਾਰ ਵੱਲੋਂ ਕਿਹਾ ਹੈ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਕੀਤੀ ਜਾ ਰਹੀ ਜਾਂਚ ਦੌਰਾਨ ਕਈ ਪੱਖਾਂ ਨੂੰ ਵਿਚਾਰਿਆਂ ਜਾ ਰਿਹਾ ਹੈ| ਵੈਸੇ ਹਾਲੇ ਤੱਕ ਇਸ ਜਾਂਚ ਦੇ ਆਧਾਰ ’ਤੇ ਪੁਲੀਸ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ ਹੈ। ਇਸ ਸਬੰਧੀ ਐੱਸਐੱਸਪੀ ਤਰਨ ਤਾਰਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਾਲੇ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਥਾਣਾ ਪੱਟੀ ਸਦਰ ਦੀ ਪੁਲੀਸ ਨੇ 31 ਅਗਸਤ ਨੂੰ ਚਾਰ ਨਕਾਬਪੋਸ਼ਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਚਰਚ ਦੇ ਪ੍ਰਬੰਧਕਾਂ ਅਨੁਸਾਰ ਭੰਨ੍ਹ-ਤੋੜ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੇ ਖ਼ੁਦ ਨੂੰ ‘ਖਾਲਿਸਤਾਨੀ’ ਦੱਸਿਆ ਸੀ। ਅੱਜ ਘਟਨਾ ਵਾਲੀ ਥਾਂ ਦਾ ਦੌਰਾਨ ਕਰਨ ਪੁੱਜੇ ਕਾਂਗਰਸੀ ਆਗੂਆਂ ਵੱਲੋਂ ਇਸ ਘਟਨਾ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦੀ ਗੱਲ ਆਖੀ ਗਈ ਹੈ| ਇਸ ਤੋਂ ਇਲਾਵਾ ਕੁਝ ਧਿਰਾਂ ਵੱਲੋਂ ਈਸਾਈ ਪ੍ਰਚਾਰਕਾਂ ਦਾ ਸਿੱਖਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਈਸਾਈ ਬਣਨ ਲਈ ਪ੍ਰੇਰਿਤ ਕਰਨ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ।