ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 22 ’ਚੋਂ 17 ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਆਈਸੀਯੂ ਸਹੂਲਤ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦੀ ਨਾਕਾਮੀ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਤੋਂ ਵੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੇ ਪੰਜ ਮੁੱਖ ਜ਼ਿਲ੍ਹਿਆਂ ਪਟਿਆਲਾ, ਫਰੀਦਕੋਟ, ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਗੰਭੀਰ ਮਰੀਜ਼ਾਂ ਲਈ ਲੈਵਲ-3 ਸਹੂਲਤਾਂ ਨਹੀਂ ਹਨ। ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਰੋਨਾ ਮਰੀਜ਼ਾਂ ਦੀ ਮਦਦ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਨੂੰ ਤਖਤ ਦਮਦਮਾ ਸਾਹਿਬ ਵਿਖੇ 100 ਬੈੱਡਾਂ ਦਾ ਕਰੋਨਾ ਸੰਭਾਲ ਕੇਂਦਰ ਬਣਾਉਣ ਲਈ ਕਿਹਾ ਹੈ।