ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 15 ਮਾਰਚ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਖੇਤ ਮਜ਼ਦੂਰਾਂ ਵੱਲੋਂ ਖੇਤੀ ਕਾਨੂੰਨਾਂ, ਕਿਰਤ ਕਾਨੂੰਨਾਂ ’ਚ ਸੋਧਾਂ ਅਤੇ ਦਲਿਤਾਂ ’ਤੇ ਜਬਰ ਖ਼ਿਲਾਫ਼ ਇੱਥੇ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਮਤਾ ਪਾਸ ਕਰਕੇ ਬੀਤੇ ਦਿਨੀਂ ਬਠਿੰਡਾ ਵਿੱਚ ਆਂਗਣਵਾੜੀ ਵਰਕਰਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਪੁਲੀਸ ਅਧਿਕਾਰੀਆਂ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਇੱਕ ਹੋਰ ਮਤੇ ਰਾਹੀਂ ਖੇਤੀ ਕਾਨੂੰਨ ਤੇ ਕਿਰਤ ਕਾਨੂੰਨਾਂ ’ਚ ਸੋਧਾਂ ਵਾਪਸ ਲੈਣ, ਕਰਜ਼ੇ ਖਤਮ ਕਰਨ, ਮਜ਼ਦੂਰਾਂ ਦੇ ਬਿਜਲੀ ਬਿੱਲ ਮੁਆਫ਼ ਕਰਨ, ਜ਼ਮੀਨਾਂ ਦੀ ਕਾਣੀ ਵੰਡ ਖਤਮ ਕਰਨ ਤੇ ਦਲਿਤਾਂ ’ਤੇ ਜਬਰ ਬੰਦ ਕਰਨ ਦੀ ਮੰਗ ਕੀਤੀ ਗਈ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸੈਕਟਰ ਸਮੇਤ ਦੇਸ਼ ਦੇ ਅਮੀਰ ਕੁਦਰਤੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਕੇ ਦੇਸ਼ ਦੇ ਲੋਕਾਂ ਨਾਲ ਗਦਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤ ਮਜ਼ਦੂਰਾਂ ਤੇ ਕਿਸਾਨਾਂ ਸਮੇਤ ਦੇਸ਼ ਦੇ ਹਕੀਕੀ ਵਿਕਾਸ ਲਈ ਖੇਤੀ ਕਾਨੂੰਨਾਂ ਤੇ ਕਿਰਤ ਕਾਨੂੰਨਾਂ ’ਚ ਕੀਤੀਆਂ ਸੋਧਾਂ ਵਾਪਸ ਲੈ ਕੇ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਨ, ਖੇਤੀ ਆਧਾਰਤ ਰੁਜ਼ਗਾਰ ਮੁਖੀ ਸਨਅਤਾਂ ਲਾਉਣ ਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਕੇ ਸਮੁੱਚੇ ਅਦਾਰਿਆਂ ਦਾ ਸਰਕਾਰੀਕਰਨ ਕਰਕੇ ਪੱਕੇ ਰੁਜ਼ਗਾਰ ਦੀ ਵਿਵਸਥਾ ਕਰਨ ਵਰਗੇ ਕਦਮ ਚੁੱਕੇ ਜਾਣ ਦੀ ਲੋੜ ਹੈ।
ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਖੇਤ ਮਜ਼ਦੂਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੌਜੂਦਾ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਮਜ਼ਦੂਰਾਂ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੇ ਇਨ੍ਹਾਂ ਦੀ ਪੁੱਗਤ ਦੀ ਸਥਾਪਤੀ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸਾਂਝੀ ਲਹਿਰ ਦੇ ਮਹੱਤਵ ਨੂੰ ਉਘਾੜਿਆ। ਉਨ੍ਹਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਬੀਕੇਯੂ (ਉਗਰਾਹਾਂ) ਵੱਲੋਂ 21 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਯਾਦ ’ਚ ਦਾਣਾ ਮੰਡੀ ਸੁਨਾਮ ਵਿੱਚ ਕੀਤੀ ਜਾ ਰਹੀ ਨੌਜਵਾਨਾਂ ਦੀ ਕਾਨਫਰੰਸ ’ਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਮੋਰਚਾ ਪੰਜਾਬ ਦੇ ਸੂਬਾਈ ਆਗੂ ਜਗਮੇਲ ਸਿੰਘ, ਠੇਕਾ ਮੁਲਾਜ਼ਮ ਮੋਰਚੇ ਦੇ ਆਗੂ ਜਗਰੂਪ ਸਿੰਘ ਤੋਂ ਇਲਾਵਾ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਣਕ ਤੇ ਗੁਰਪਾਲ ਸਿੰਘ ਨੰਗਲ ਨੇ ਸੰਬੋਧਨ ਕੀਤਾ।