ਆਤਿਸ਼ ਗੁਪਤਾ
ਚੰਡੀਗੜ੍ਹ, 22 ਜੂਨ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਅੰਦੋਲਨ ਦਾ ਰੰਗ ਪੰਜਾਬ ਵਿੱਚ ਵੀ ਨਿੱਖਰਦਾ ਜਾ ਰਿਹਾ ਹੈ। ਕਿਸਾਨ ਮੋਰਚਿਆਂ ਵਿੱਚ ਕਿਸਾਨਾਂ-ਮਜ਼ਦੂਰਾਂ ਦੇ ਵੱਡੇ ਇਕੱਠ ਨੇ ਧਰਨਿਆਂ ਨੂੰ ਹੋਰ ਭਖਾ ਦਿੱਤਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਜਗਜੀਤ ਸਿੰਘ ਡੱਲੇਵਾਲ ਅਤੇ ਹਰਮੀਤ ਸਿੰਘ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੇ ਬਾਵਜੂਦ ਕਿਸਾਨਾਂ ਦਾ ਦਿੱਲੀ ਦੇ ਮੋਰਚਿਆਂ ’ਤੇ ਜਾਣਾ ਜਾਰੀ ਹੈ। ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਦੀਆਂ ਇਕਾਈਆਂ ਨੇ ਹਫ਼ਤੇ ਮੁਤਾਬਕ ਕਿਸਾਨਾਂ ਦੀਆਂ ਡਿਊਟੀਆਂ ਲਾਈਆਂ ਹੋਈਆਂ ਹਨ। ਕਿਸਾਨਾਂ ਦੀ ਗੈਰ-ਹਾਜ਼ਰੀ ਵਿੱਚ ਹੋਰ ਕਿਸਾਨ ਇੱਕ-ਦੂਜੇ ਦੇ ਕੰਮਾਂ ਵਿੱਚ ਹੱਥ ਵਟਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਦਿੱਲੀ ਦੇ ਮੋਰਚਿਆਂ ’ਤੇ 2024 ਤੱਕ ਹੀ ਕਿਉਂ ਨਾ ਬੈਠਣਾ ਪਵੇ ਪਰ ਉਹ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਵਿੱਚ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 26 ਜੂਨ ਨੂੰ ਕਿਸਾਨਾਂ ਦੇ ਵੱਡੇ ਕਾਫ਼ਲੇ ਮੁਹਾਲੀ ਤੋਂ ਇਕੱਠੇ ਹੋ ਕੇ ਚੰਡੀਗੜ੍ਹ ਰਾਜਭਵਨ ਵੱਲ ਕੂਚ ਕਰਨਗੇ। ਇਸ ਤੋਂ ਇਲਾਵਾ ਸੂਬੇ ਵਿੱਚ ਜ਼ਿਲ੍ਹਾ ਪੱਧਰ ’ਤੇ ਵੀ ਕਿਸਾਨ ਧਰਨਿਆਂ ਦੌਰਾਨ ਰਾਸ਼ਟਰਪਤੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ।