ਪਾਲ ਸਿੰਘ ਨੌਲੀ
ਜਲੰਧਰ, 13 ਸਤੰਬਰ
ਕਿਸਾਨਾਂ ਨੇ ਸਾਲ 2019-2020 ਦੌਰਾਨ ਸਤਲੁਜ ਤੇ ਬਿਆਸ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ, ਗਰੀਬਾਂ ਲਈ ਆਇਆ ਅਨਾਜ ਖੁਰਦ-ਬੁਰਦ ਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ’ਚ ਸੈਂਕੜੇ ਕਰੋੜਾਂ ਰੁਪਏ ਦੇ ਕੀਤੇ ਖਰਚਿਆਂ ਨੂੰ ਜਨਤਕ ਨਾ ਕਰਨ ਦੇ ਮੁੱਦਿਆਂ ਸਬੰਧੀ ਸੁਲਤਾਨਪੁਰ ਲੋਧੀ ਹਲਕੇ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਕੋਠੀ ਦਾ ਪੰਜ ਘੰਟੇ ਘਿਰਾਓ ਕੀਤਾ। ਕਿਸਾਨਾਂ ਨੂੰ ਕਾਂਗਰਸੀ ਵਿਧਾਇਕ ਦੀ ਕੋਠੀ ਦਾ ਘਿਰਾਓ ਕਰਨ ਤੋਂ ਰੋਕਣ ਲਈ ਪੁਲੀਸ ਨੇ ਸਖਤ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਕਿਸਾਨ ਘਰ ਦੇ ਨੇੜੇ ਪਹੁੰਚ ਗਏ, ਜਿੱਥੇ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਘਰ ਨਹੀਂ ਸਨ। ਕਿਸਾਨਾਂ ਨੇ ਕੋਠੀ ਤੋਂ ਸੌ ਮੀਟਰ ਦੀ ਦੂਰੀ ’ਤੇ ਟੈਂਟ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਣ ਸਿੰਘ ਬਾਊਪੁਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਨਾਂ ’ਤੇ ਮੰਗ ਪੱਤਰ ਭੇਜਿਆ ਗਿਆ ਸੀ ਪਰ ਉਨ੍ਹਾਂ ਕੋਈ ਵੀ ਜੁਆਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2019 ਅਤੇ 2020 ਵਿੱਚ ਸਤਲੁਜ ਅਤੇ ਬਿਆਸ ਦਰਿਆ ’ਚ ਆਏ ਹੜ੍ਹ ਕਾਰਨ ਕਿਸਾਨਾਂ ਦੀਆਂ ਵੱਡੀ ਪੱਧਰ ’ਤੇ ਫ਼ਸਲਾਂ ਤਬਾਹ ਹੋਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਵਿਧਾਇਕ ਦੀ ਸ਼ਹਿ ’ਤੇ ਉਨ੍ਹਾਂ ਲੋਕਾਂ ਨੂੰ ਮੁਆਵਜ਼ਾ ਦਿੱਤਾ ਗਿਆ, ਜਿਨ੍ਹਾਂ ਦੀਆਂ ਫ਼ਸਲਾਂ ਖਰਾਬ ਨਹੀਂ ਹੋਈਆਂ ਸਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਕੋਲੋਂ ਕਰਵਾਈ ਜਾਵੇ। ਬੁਲਾਰਿਆਂ ਨੇ ਕਿਹਾ ਕਿ ਇਸੇ ਸਾਲ ਮਾਰਚ ਵਿੱਚ ਲੋੜਵੰਦਾਂ ਨੂੰ ਕਣਕ ਦੇਣ ਲਈ ਪਰਚੀਆਂ ਕੱਟੀਆਂ ਗਈਆਂ ਸਨ ਪਰ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਕਣਕ ਨਹੀਂ ਮਿਲੀ। ਕਰੋੜਾਂ ਦੇ ਅਨਾਜ ਘੁਟਾਲਾ ਸਬੰਧੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਤਾਂ ਕੀਤੀ ਗਈ ਸੀ ਪਰ ਜਿਸ ਸਿਆਸੀ ਆਗੂ ਦੀ ਸ਼ਹਿ ’ਤੇ ਘੁਟਾਲਾ ਹੋਇਆ ਸੀ, ਉਸ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਕੋਈ ਪ੍ਰਾਜੈਕਟ ਸ਼ੁਰੂ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਜਿਹੜੀਆਂ ਸੜਕਾਂ ਅਤੇ ਪੁਲ ਬਣਾਏ ਗਏ ਹਨ, ਉਸ ਮਾਮਲੇ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਵੱਡੀ ਪੱਧਰ ’ਤੇ ਪੈਸੇ ਖੁਰਦ-ਬੁਰਦ ਕੀਤੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਸੈਂਕੜੇ ਕਰੋੜ ਦਾ ਹਿਸਾਬ ਜਨਤਕ ਕੀਤਾ ਜਾਵੇ, ਉਥੇ ਇਸ ਦਾ ਆਡਿਟ ਵੀ ਕਰਵਾਇਆ ਜਾਵੇ।
ਮੁਆਵਜ਼ਾ ਦੇਵੇ ਸਰਕਾਰ: ਸੰਧਵਾਂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਮੌਸਮ ਦੀ ਮਾਰ ਅਤੇ ਕੀਟ ਪਤੰਗਿਆਂ ਦੇ ਹਮਲੇ ਨਾਲ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਫਿਕਰ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਤੋਂ ਪ੍ਰਤੀ ਏਕੜ 20 ਹਜ਼ਾਰ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਹਤ ਫੰਡ ਦੀਆਂ ਸ਼ਰਤਾਂ ਅਤੇ ਨਿਯਮਾਂ ਵਿੱਚ ਸੋਧ ਕਰਕੇ ਸਰਲ ਬਣਾਇਆ ਜਾਵੇ ਤਾਂ ਜੋ ਫ਼ਸਲਾਂ ਦਾ ਨੁਕਸਾਨ ਹੋਣ ’ਤੇ ਪੀੜਤ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਵਿੱਤੀ ਰਾਹਤ ਮਿਲ ਸਕੇ। -ਟਨਸ