ਨਰਿੰਦਰ ਸਿੰਘ
ਭਿੱਖੀਵਿੰਡ, 12 ਜੁਲਾਈ
ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅੱਜ ਖੇਮਕਰਨ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਭਿੱਖੀਵਿੰਡ ਤੋਂ ਯੂਥ ਕਾਂਗਰਸ ਦੇ ਨਵੇਂ ਬਣਾਏ ਪ੍ਰਧਾਨ ਬਲਰਾਜ ਸਿੰਘ ਬੌਬੀ ਉਦੋਕੇ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ, ਜਿਨ੍ਹਾਂ ਦਾ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਝੰਡਿਆਂ ਨਾਲ ਵਿਰੋਧ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲੀਸ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹੋਣ ਦੇ ਬਾਵਜੂਦ ਕਿਸਾਨਾਂ ਨੇ ਜਸਬੀਰ ਸਿੰਘ ਡਿੰਪਾ ਨੂੰ ਘਰਿਆਲਾ ਨੇੜੇ ਘੇਰ ਕੇ ਆਪਣੀਆਂ ਮੰਗਾਂ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ।
ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸੇ ਵੀ ਪਾਰਟੀ ਦੇ ਆਗੂ ਨੂੰ ਉਹ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ। ਉਨ੍ਹਾਂ ਕਿਹਾ ਕਿ ਇਹ ਸਾਡੇ ਚੁਣੇ ਹੋਏ ਆਗੂ ਹਨ, ਜੋ ਨਾ ਤਾਂ ਸਾਡੀ ਗੱਲ ਸੁਣਨ ਨੂੰ ਤਿਆਰ ਹਨ ਅਤੇ ਨਾ ਹੀ ਸਾਡੇ ਮੁੱਦੇ ਕੇਂਦਰ ਸਰਕਾਰ ਕੋਲ ਚੁੱਕਣ ਲਈ ਤਿਆਰ ਹਨ, ਜਿਸ ਕਰਕੇ ਇਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ। ਦੂਜੇ ਪਾਸੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਸਾਨਾਂ ਵੱਲੋਂ ਰੋਕੇ ਜਾਣ ’ਤੇ ਉਨ੍ਹਾਂ ਨਾਲ ਕੁਝ ਚਿਰ ਗੱਲਬਾਤ ਕੀਤੀ ਅਤੇ ਉੱਥੋਂ ਚਲੇ ਗਏ।
ਐੱਸਐੱਸਪੀ ਨੂੰ ਮੰਗ ਪੱਤਰ ਦੇਣ ਪਹੁੰਚੇ ਭਾਜਪਾ ਆਗੂਆਂ ਦਾ ਵਿਰੋਧ
ਰੂਪਨਗਰ (ਬਹਾਦਰਜੀਤ ਸਿੰਘ): ਰਾਜਪੁਰਾ ਵਿੱਚ ਬੀਤੇ ਦਿਨ ਵਾਪਰੀ ਘਟਨਾ ਸਬੰਧੀ ਐੱਸਐੱਸਪੀ ਡਾ. ਅਖਿਲ ਚੌਧਰੀ ਨੂੰ ਮੰਗ ਪੱਤਰ ਦੇਣ ਪਹੁੰਚੇ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਤੇ ਹੋਰ ਆਗੂਆਂ ਦਾ ਅੱਜ ਕਿਸਾਨਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਾਜਪਾ ਆਗੂਆਂ ਨੂੰ ਐੱਸਐੱਸਪੀ ਦਫ਼ਤਰ ਤੱਕ ਲਿਜਾਇਆ ਗਿਆ। ਭਾਜਪਾ ਆਗੂਆਂ ਨੇ ਐੱਸਐੱਸਪੀ ਨੂੰ ਮੰਗ ਪੱਤਰ ਦੇ ਕੇ ਡੀਜੀਪੀ ਤੋਂ ਰਾਜਪੁਰਾ ਵਿੱਚ ਭਾਜਪਾ ਵਰਕਰਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੰਗ ਪੱਤਰ ਦੇਣ ਮਗਰੋਂ ਬਾਹਰ ਆਏ ਭਾਜਪਾ ਆਗੂਆਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਰਤੀ ਕਿਸਾਨ ਮੋਰਚਾ ਦੇ ਆਗੂ ਕੁਲਵੰਤ ਸਿੰਘ ਸੈਣੀ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਪਰਵਿੰਦਰ ਸਿੰਘ ਅਲੀਪੁਰ ਅਤੇ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਰੱਦ ਹੋਣ ਤੱਕ ਭਾਜਪਾ ਆਗੂਆਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਅੱਜ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ।