ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਮਾਰਚ
ਨਵ ਨਿਯੁਕਤ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਅੱਜ ਇੱਥੇ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਪੁਲੀਸ ਨੇ ਕੁਝ ਸਮੇਂ ਲਈ ਕੁਝ ਕਿਸਾਨਾਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਕਿ ਸਾਂਪਲਾ ਦੀਆਂ ਗੱਡੀਆਂ ਦੇ ਕਾਫ਼ਲੇ ਦੀ ਟੱਕਰ ਨਾਲ ਲਗਪਗ ਅੱਧਾ ਦਰਜਨ ਕਿਸਾਨ ਜ਼ਖ਼ਮੀ ਹੋਏ ਹਨ ਅਤੇ ਕਈਆਂ ਦੇ ਦੁਪਹੀਆ ਵਾਹਨ ਨੁਕਸਾਨੇ ਗਏ ਹਨ। ਜਾਣਕਾਰੀ ਅਨੁਸਾਰ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਬਣਨ ਮਗਰੋਂ ਸ੍ਰੀ ਸਾਂਪਲਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਏ ਸਨ। ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਸਰਕਟ ਹਾਊਸ ਦੇ ਬਾਹਰ ਅਤੇ ਰਾਮ ਤੀਰਥ ਮੰਦਰ ਨੇੜੇ ਵਿਜੈ ਸਾਂਪਲਾ ਦਾ ਘਿਰਾਓ ਕੀਤਾ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜੋ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਆਏ ਸਨ, ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ। ਸ੍ਰੀ ਸਾਂਪਲਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਸਾਨਾਂ ਵੱਲੋਂ ਕੀਤੇ ਵਿਰੋਧ ਅਤੇ ਖੇਤੀ ਬਿੱਲਾਂ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।