ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਨਵੰਬਰ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕਿਸਾਨ ਆਗੂਆਂ ’ਤੇ ਜਾਇਦਾਦਾਂ ਬਣਾਉਣ ਦੇ ਬਿਆਨ ਦਾ ਨੋਟਿਸ ਲੈਂਦਿਆਂ ਕਿਸਾਨਾਂ ਨੇ ਅੱਜ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰਦਿਆਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਘੁਮਾਣਾ, ਮਨਜੀਤ ਸਿੰਘ ਨਿਆਲ, ਮਨਜੀਤ ਸਿੰਘ ਰਾਏ ਸਣੇ ਹੋਰ ਕਿਸਾਨ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਦੇ ਅਜਿਹੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਕਿਸਾਨ ਪਰਿਵਾਰ ਨਾਲ ਸਬੰਧਿਤ ਹੋਣ ਦੇ ਬਾਵਜੂਦ ਰਵਨੀਤ ਬਿੱਟੂ ਕੁਰਸੀ ਖਾਤਰ ਅਜਿਹੇ ਕਿਸਾਨ ਵਿਰੋਧੀ ਬਿਆਨ ਦੇ ਰਹੇ ਹਨ।