ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਦਸੰਬਰ
ਅੱਜ ਇੱਥੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਭਾਜਪਾ ਦੇ ਨਵੇਂ ਦਫ਼ਤਰ ਲਈ ਰੱਖੇ ਭੂਮੀ ਪੂਜਨ ਪ੍ਰੋਗਰਾਮ ਮੌਕੇ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਭਾਜਪਾ ਕਾਰਕੁਨਾਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ। ਇਸ ਸਮਾਗਮ ਸਮੇਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਸਮੇਤ ਕਈ ਹੋਰ ਆਗੂ ਤੇ ਕਾਰਕੁਨ ਹਾਜ਼ਰ ਸਨ। ਨਿਊ ਅੰਮ੍ਰਿਤਸਰ ਇਲਾਕੇ ਵਿੱਚ ਭਾਜਪਾ ਵੱਲੋਂ ਆਪਣਾ ਦਫ਼ਤਰ ਖੋਲ੍ਹਣ ਲਈ ਅੱਜ ਭੂਮੀ ਪੂਜਨ ਪ੍ਰੋਗਰਾਮ ਰੱਖਿਆ ਗਿਆ ਸੀ, ਜਿਥੇ ਵੱਡੀ ਗਿਣਤੀ ਵਿੱਚ ਪੁਲੀਸ ਵੀ ਤੈਨਾਤ ਸੀ। ਜਦੋਂ ਭੂਮੀ ਪੂਜਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਇਸੇ ਦੌਰਾਨ ਭਾਰਤ ਬੰਦ ਦੇ ਸਮਰਥਨ ’ਚ ਮੋਟਰਸਾਈਕਲ ਰੈਲੀ ਕੱਢ ਰਹੇ ਕਿਸਾਨ ਜਥੇਬੰਦੀ ਦੇ ਕਾਰਕੁਨ ਵੀ ਉੱਥੇ ਪੁੱਜ ਗਏ। ਉਨ੍ਹਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭਾਜਪਾ ਕਾਰਕੁਨਾਂ ਨੇ ਵੀ ਜਵਾਬੀ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਭਾਜਪਾ ਆਗੂਆਂ ਨੇ ਭੂਮੀ ਪੂਜਨ ਪ੍ਰੋਗਰਾਮ ਨੂੰ ਕਾਹਲੀ ਨਾਲ ਖਤਮ ਕੀਤਾ ਅਤੇ ਉੱਥੋਂ ਚਲੇ ਗਏ।
ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਪੰਜਾਬੀਆਂ ਦੀਆਂ ਵੋਟਾਂ ਲੈ ਕੇ ਭਾਜਪਾ ਆਗੂ ਸੰਸਦ ਅਤੇ ਵਿਧਾਨ ਸਭਾ ਵਿੱਚ ਪੁੱਜਦੇ ਹਨ, ਉਨ੍ਹਾਂ ਨੂੰ ਹੀ ਅਣਦੇਖਿਆ ਕਰ ਰਹੇ ਹਨ। ਇਸ ਵੇਲੇ ਦੇਸ਼-ਵਿਦੇਸ਼ ਵਿੱਚੋਂ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਹੋ ਰਹੀ ਹੈ ਪਰ ਪੰਜਾਬ ਭਾਜਪਾ ਚੁੱਪ ਸਾਧੀ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਗੂਆਂ ਵੱਲੋਂ ਕਿਸੇ ਕਥਿਤ ਸਾਜ਼ਿਸ਼ ਤਹਿਤ ਜਾਣਬੁੱਝ ਕੇ ਭਾਰਤ ਬੰਦ ਤੋਂ ਇੱਕ ਦਿਨ ਪਹਿਲਾਂ ਇਹ ਭੂਮੀ ਪੂਜਨ ਸਮਾਗਮ ਰੱਖਿਆ ਗਿਆ। ਉਨ੍ਹਾਂ ਮੁਤਾਬਕ ਸਮਾਗਮ ਮੌਕੇ ਭਾਜਪਾ ਵਰਕਰਾਂ ਵੱਲੋਂ ਭਾਜਪਾ ਦੇ ਹੱਕ ’ਚ ਨਾਅਰੇਬਾਜ਼ੀ ਕਰਕੇ ਕਿਸਾਨਾਂ ਨੂੰ ਉਕਸਾਉਣ ਦਾ ਯਤਨ ਕੀਤਾ ਗਿਆ ਤਾਂ ਕਿ ਮਾਹੌਲ ਖਰਾਬ ਹੋ ਸਕੇ, ਪਰ ਕਿਸਾਨ ਕਿਸੇ ਵੀ ਤਰ੍ਹਾਂ ਦੇ ਤਣਾਅ ’ਚ ਨਹੀਂ ਆਏ।
ਕਿਸਾਨ ਜਥੇਬੰਦੀ ਵੱਲੋਂ ਮੋਟਰਸਾਈਕਲ ਮਾਰਚ
ਕਿਸਾਨ ਜਥੇਬੰਦੀ ਨੇ 11 ਜ਼ਿਲ੍ਹਿਆਂ ਵਿਚ ਮੋਟਰਸਾਈਕਲ ਮਾਰਚ ਕਰਕੇ ਬੰਦ ਦੇ ਸਮਰਥਨ ਲਈ ਲੋਕਾਂ ਨੂੰ ਅਪੀਲ ਕੀਤੀ ਹੈ। ਇਸੇ ਦੌਰਾਨ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਬੱਸ ਅੱਡੇ ’ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਗਈ। ਮਗਰੋਂ ਮਾਲ ਰੋਡ, ਕਚਹਿਰੀ, ਰੇਲਵੇ ਸਟੇਸ਼ਨ, ਹਾਲ ਗੇਟ, ਗੋਲਡਨ ਗੇਟ ਆਦਿ ਥਾਵਾ ਤਕ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਲੋਕਾਂ ਨੂੰ ਬੰਦ ਵਿਚ ਸਮਰਥਨ ਦੇਣ ਦੀ ਅਪੀਲ ਕੀਤੀ ਗਈ। ਜ਼ਿਲ੍ਹੇ ਵਿੱਚ ਅੰਮ੍ਰਿਤਸਰ, ਜੰਡਿਆਲਾ ਗੁਰੂ, ਰਈਆ, ਬਿਆਸ, ਟਾਂਗਰਾ, ਮਹਿਤਾ, ਮਜੀਠਾ, ਚੋਗਾਵਾਂ, ਲੋਪੋਕੇ, ਰਾਮਤੀਰਥ, ਖਾਸਾ ਆਦਿ ਵਿਖੇ ਇਸੇ ਤਰ੍ਹਾਂ ਮਾਰਚ ਕੱਢੇ ਗਏ ਹਨ।
ਪ੍ਰੋਗਰਾਮ ਪਹਿਲਾਂ ਤੋਂ ਹੀ ਮਿਥਿਆ ਹੋਇਆ ਸੀ: ਸ਼ਵੇਤ ਮਲਿਕ
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਸਾਨਾਂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਨਵੇਂ ਦਫ਼ਤਰ ਵਾਸਤੇ ਭੂਮੀ ਪੂਜਨ ਪ੍ਰੋਗਰਾਮ ਪਹਿਲਾਂ ਤੋਂ ਹੀ ਨਿਰਧਾਰਤ ਸੀ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਉਨ੍ਹਾਂ ਦਾ ਮਸਲਾ ਤਰਜੀਹੀ ਮਸਲਾ ਹੈ, ਜਿਸ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਯਤਨੀਸ਼ੀਲ ਹੈ।