ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਕਤੂਬਰ
ਗੁਲਾਬੀ ਸੁੰਡੀ ਕਾਰਨ ਤਬਾਹ ਹੋਏ ਨਰਮੇ ਤੋਂ ਪੀੜਤ ਮਾਨਸਾ ਸਮੇਤ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਢੁੱਕਵਾਂ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਭਲਕੇ 25 ਅਕਤੂਬਰ ਤੋਂ ਬਠਿੰਡਾ ਦੇ ਸਕੱਤਰੇਤ ਅੱਗੇ ਅਣਮਿੱਥੇ ਸਮੇਂ ਲਈ ਮੁਕੰਮਲ ਘਿਰਾਓ ਕੀਤਾ ਜਾਵੇਗਾ। ਇਸ ਘਿਰਾਓ ਵਿੱਚ ਮਾਲਵਾ ਪੱਟੀ ਦੇ ਪੰਜ ਜ਼ਿਲ੍ਹਿਆਂ ਮਾਨਸਾ, ਬਠਿੰਡਾ, ਮੁਕਤਸਰ, ਫਾਜ਼ਿਲਕਾ ਅਤੇ ਫ਼ਰੀਦਕੋਟ ਦੇ ਕਿਸਾਨ ਸ਼ਾਮਲ ਹੋਣਗੇ। ਇਸ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿੰਡ ਬਾਦਲ ਵਿੱਚ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਲਗਾਤਾਰ 15 ਦਿਨ ਧਰਨਾ ਦਿੱਤਾ ਗਿਆ ਸੀ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ। ਇਸੇ ਦੇ ਰੋਸ ਵਜੋਂ ਹੁਣ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਸੰਘਰਸ਼ ਉਲੀਕਿਆ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਭਲਕੇ ਹਜ਼ਾਰਾਂ ਕਿਸਾਨ ਪਰਿਵਾਰਾਂ ਸਮੇਤ ਸਰਕਾਰ ਵੱਲੋਂ ਲਾਈਆਂ ਗਈਆਂ ਰੋਕਾਂ ਤੋੜ ਕੇ ਮਿੰਨੀ ਸਕੱਤਰੇਤ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਨਰਮਾ ਅਤੇ ਹੋਰ ਫ਼ਸਲਾਂ ਖ਼ਰਾਬ ਹੋਣ ਕਾਰਨ ਹੋਏ ਆਰਥਿਕ ਨੁਕਸਾਨ ਸਬੰਧੀ ਮੁਆਵਜ਼ਾ ਦੇਣ ਤੋਂ ਪੰਜਾਬ ਸਰਕਾਰ ਚੁੱਪ ਵੱਟੀ ਬੈਠੀ ਹੈ। ਉਨ੍ਹਾਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਏ ਨਰਮੇ ਦਾ ਮੁਆਵਜ਼ਾ 60 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦੇਣ, ਮਾੜੇ ਬੀਜ, ਸਪਰੇਅ ਵੇਚਣ ਵਾਲੀਆਂ ਕੰਪਨੀਆਂ ਅਤੇ ਉਨ੍ਹਾਂ ਨਾਲ ਮਿਲੀਭੁਗਤ ਵਾਲੇ ਖੇਤੀਬਾੜੀ ਅਫ਼ਸਰਾਂ ਸਮੇਤ ਹੋਰ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਕਾਰਨ ਹੋਏ ਆਰਥਿਕ ਨੁਕਸਾਨ ਨੂੰ ਨਾ ਸਹਾਰਦੇ ਹੋਏ ਖ਼ੁਦਕੁਸ਼ੀ ਕਰ ਗਏ ਕਿਸਾਨਾਂ-ਮਜ਼ਦੂਰਾਂ ਦੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਨ੍ਹਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਖ਼ਤਮ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਤੁਰੰਤ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।