ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 7 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਕਿਸਾਨ ਹਿਤੈਸ਼ੀ ਪੁਆਧੀ ਹਲਕਾ ਮੁਹਾਲੀ ਦੇ ਕਿਸਾਨਾਂ ਅਤੇ ਸੋਹਾਣਾ ਵਾਸੀਆਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਪਿੰਡ ਸੋਹਾਣਾ ਵਾਸੀ ਮਿੰਦਰ ਸਿੰਘ ਸੋਹਾਣਾ ਤੇ ਹਰਵਿੰਦਰ ਸਿੰਘ ਨੰਬਰਦਾਰ ਦੀ ਅਗਵਾਈ ਹੇਠ ਸ਼ੁਰੂ ਕੀਤੇ ਮੁਜ਼ਾਹਰੇ ਦੇ ਪਹਿਲੇ ਦਿਨ ਨੰਬਰਦਾਰ ਹਰਵਿੰਦਰ ਸਿੰਘ ਸਮੇਤ ਦਵਿੰਦਰ ਸਿੰਘ ਬੌਬੀ, ਸੁਰਿੰਦਰ ਪਾਲ ਬੱਗਾ, ਰਮਨ ਸ਼ਰਮਾ ਅਤੇ ਗੁਰਪ੍ਰੀਤ ਸੋਮਲ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਮਿੰਦਰ ਸਿੰਘ ਸੋਹਾਣਾ ਅਤੇ ਨੰਬਰਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਅਤੇ ਨੇੜਲੇ ਪਿੰਡਾਂ ’ਚੋਂ ਪੰਜ ਵਿਅਕਤੀ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਭੁੱਖ ਹੜਤਾਲ ’ਤੇ ਬੈਠਿਆ ਕਰਨਗੇ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਕੁਲਵੰਤ ਸਿੰਘ ਤ੍ਰਿਪੜੀ ਨੇ ਕਿਹਾ ਕਿ ਹੁਕਮਰਾਨ ਅੰਨਦਾਤਾ ਨੂੰ ਤਬਾਹ ਕਰਨ ਦੀਆਂ ਯੋਜਨਾਵਾਂ ਘੜ ਰਹੇ ਹਨ ਜਦੋਂਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਪੂਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਬੈਦਵਾਨ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਦਵਿੰਦਰ ਸਿੰਘ, ਸਾਬਕਾ ਬਲਾਕ ਸਮਿਤੀ ਮੈਂਬਰ ਬੀਬੀ ਬਲਵੀਰ ਕੌਰ ਤੇ ਯੂਥ ਆਗੂ ਅਮਨ ਬੈਦਵਾਨ ਹਾਜ਼ਰ ਸਨ।