ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਜੁਲਾਈ
ਇੱਥੇ ਲਾਡੋਵਾਲ ਟੌਲ ਪਲਾਜ਼ਾ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨਾਂ ਦਾ ਹਾਲੇ ਪੰਜਾਬ ਵਿੱਚ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ ਦਾ ਹਰ ਫ਼ੈਸਲਾ ਮੰਨਿਆ ਜਾਵੇਗਾ।
ਇੱਥੇ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ 32 ਕਿਸਾਨ ਜਥੇਬੰਦੀਆਂ ਨੇ ਹਾਲੇ ਪੰਜਾਬ ਚੋਣਾਂ ਲੜਨ ਦੀ ਗੱਲ ਨਹੀਂ ਆਖੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਕਿਸਾਨ ਆਗੂ ਨੇ ਮਿਸ਼ਨ ਯੂਪੀ ਛੱਡ ਕੇ ਪੰਜਾਬ ਵਿੱਚ ਚੋਣਾਂ ਲੜਨ ਦੀ ਗੱਲ ਆਖੀ ਹੈ, ਉਹ ਉਸ ਦਾ ਨਿੱਜੀ ਫ਼ੈਸਲਾ ਹੋ ਸਕਦਾ ਹੈ ਅਤੇ ਸੰਯੁਕਤ ਕਿਸਾਨ ਮੋਰਚੇ ਦਾ ਇਸ ਨਾਲ ਕੋਈ ਸਬੰਧ ਨਹੀਂ।
ਕਾਦੀਆਂ ਨੇ ਕਿਹਾ ਕਿ ਫਿਲਹਾਲ ਕਿਸਾਨਾਂ ਦਾ ਸਾਰਾ ਧਿਆਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਫਸਲਾਂ ਤੇ ਹੋਂਦ ਦੀ ਰਾਖੀ ਕਰਨਾ ਹੈ, ਚੋਣਾਂ ਤਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ 17 ਜੁਲਾਈ ਤੋਂ ਉਹ ਦੇਸ਼ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਲੋਕ ਸਭਾ ਮੈਂਬਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਲੋਕ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਕਿਸਾਨਾਂ ਦੀ ਆਵਾਜ਼ ਨੂੰ ਚੰਗੇ ਤਰੀਕੇ ਦੇ ਨਾਲ ਚੁੱਕਣ ਦੀ ਅਪੀਲ ਕਰਨਗੇ।
ਉਨ੍ਹਾਂ ਕਿਹਾ ਕਿ ਕਿਸਾਨ ਆਗੂ ਲੋਕ ਸਭਾ ਮੈਂਬਰਾਂ ਨੂੰ ਅਪੀਲ ਕਰਨਗੇ ਕਿ ਉਹ ਸੈਸ਼ਨ ਦਾ ਬਾਈਕਾਟ ਨਾ ਕਰਨ, ਬਲਕਿ ਸੈਸ਼ਨ ਦੇ ਅੰਦਰ ਜਾ ਕੇ ਸਰਕਾਰ ਸਾਹਮਣੇ ਕਿਸਾਨ ਦੇ ਹਿੱਤਾਂ ਦੀ ਗੱਲ ਕਰਨ ਤੇ ਤਿੰਨੇ ਖੇਤੀ ਕਾਨੂੰਨਾਂ ਦਾ ਮਜ਼ਬੂਤੀ ਨਾਲ ਵਿਰੋਧ ਕਰਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਸਮੇਤ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਕਿਸਾਨ ਸੰਘਰਸ਼ ਜਾਰੀ ਰੱਖਣਗੇ।