ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ
ਇੱਥੇ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਹਾਥਰਸ ਕਾਂਡ ਨੂੰ ਸਮਰਪਿਤ ਕਰਦਿਆਂ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨਾ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਾਰਕੁਨ ਸ਼ਾਮਲ ਹਨ। ਅੱਜ ਇਸ ਰੋਸ ਵਿਖਾਵੇ ਦੀ ਅਗਵਾਈ ਕਰਦਿਆਂ ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਭਗਵੰਤ ਸਿੰਘ ਗੰਡੀਵਿੰਡ ਅਤੇ ਬਚਿੱਤਰ ਸਿੰਘ ਕੋਟਲਾ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਹਾਥਰਸ ’ਚ ਦਲਿਤ ਲੜਕੀ ਨਾਲ ਵਾਪਰੀ ਜਬਰ-ਜਨਾਹ ਦੀ ਘਟਨਾ ਖ਼ਿਲਾਫ਼ ਕੀਤਾ ਗਿਆ ਹੈ।