ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 25 ਦਸੰਬਰ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਅੱਗੇ ਚੱਲ ਰਿਹਾ ‘ਰੇਲ ਰੋਕੋ ਅੰਦੋਲਨ’ ਅੱਜ 93ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੰਦੋਲਨਕਾਰੀ ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹੌਸਲੇ ਸੰਘਣੀ ਧੁੰਦ ਤੇ ਹੱਡ ਚੀਰਵੀਂ ਠੰਢ ਵਿੱਚ ਵੀ ਬੁਲੰਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਜਾਰੀ ਰਹੇਗਾ। ਅੱਜ ਸੰਘਰਸ਼ ਕਮੇਟੀ ਵੱਲੋਂ ਆਗੂਆਂ ਨੇ ਦੱਸਿਆ ਕਿ ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ ਟਰਾਲੀਆਂ ਦਾ ਜਥਾ ਗੋਲਡਨ ਗੇਟ ਅੰਮ੍ਰਿਤਸਰ ਤੋਂ ਦਿੱਲੀ ਮੋਰਚੇ ਲਈ ਰਵਾਨਾ ਕੀਤਾ ਗਿਆ। ਰਸਤੇ ਵਿੱਚ ਜ਼ਿਲ੍ਹਾ ਗੁਰਦਾਸਪੁਰ, ਹੁਸ਼ਿਆਰਪੁਰ ਤੇ ਸ੍ਰੀ ਹਰਗੋਬਿੰਦਪੁਰ ਦੇ ਜਥੇ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਇਸ ਕਾਫਲੇ ਵਿੱਚ ਸ਼ਾਮਲ ਹੋਏ। ਕਿਸਾਨ ਆਗੂ ਗੁਰਦੇਵ ਸਿੰਘ ਵਰਪਾਲ, ਮੰਗਜੀਤ ਸਿੰਘ ਸਿੱਧਵਾਂ ਨੇ ਕਿਹਾ ਮੋਦੀ ਸਰਕਾਰ ਖ਼ਿਲਾਫ਼ ਪਿੰਡਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦੇ ਬਾਵਜੂਦ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਨੇ ਪੂਰੇ ਜੋਸ਼ ਨਾਲ ਦਿੱਲੀ ਵੱਲ ਕੂਚ ਕੀਤਾ। ਦੂਜੇ ਪਾਸੇ ਅੱਜ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ਪਾਰਕ ਵਿੱਚ ਚੱਲ ਰਹੇ ਧਰਨੇ ’ਚ ਜ਼ੋਨ ਪ੍ਰਧਾਨ ਮਿਹਰ ਸਿੰਘ ਤਲਵੰਡੀ, ਦਿਲਬਾਗ ਸਿੰਘ ਸਭਰਾ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦਾ ਜਥਾ ਸ਼ਾਮਲ ਹੋਇਆ। ਇਸੇ ਤਰ੍ਹਾਂ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਧਰਨਾ ਨਿਰੰਤਰ ਚੱਲ ਰਿਹਾ ਹੈ।