ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ , 30 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ 30ਵੇਂ ਦਿਨ ਵੀ ਧਰਨੇ ਭਖਦੇ ਰਹੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨਿਆਂ ਵਿੱਚ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਨੇ ਆਖਿਆ ਕਿ ਕਾਨੂੰਨਾਂ ਖ਼ਿਲਾਫ਼ 5 ਨਵੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਯੂਨੀਅਨ ਆਜ਼ਾਦ ਤੌਰ ’ਤੇ ਲਾਗੂ ਕਰੇਗੀ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿੱਤ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਮੀਤ ਸਿੰਘ ਭੱਟੀਵਾਲ, ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਨਛੱਤਰ ਸਿੰਘ ਝਨੇੜੀ ਅਤੇ ਅੰਗਰੇਜ ਸਿੰਘ ਨੇ ਕਿਹਾ ਕਿ ਕੇਂਦਰ ਦੀ ਤਾਨਾਸ਼ਾਹੀ ਖ਼ਿਲਾਫ਼ 250 ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਲਾਗੂ ਕਰਨ ਲਈ ਪੂਰੀ ਸਰਗਰਮੀ ਨਾਲ ਤਿਆਰੀ ਕੀਤੀ ਜਾ ਰਹੀ ਹੈ।